Punjab

SGPC ਦਾ ਕਾਲੇ ਚੋਲਿਆਂ ਵਾਲਾ ਪ੍ਰਦਰਸ਼ਨ : “ਇਸ ਧਰਤੀ ‘ਤੇ ਹਨ ਦੋ ਵੱਖਰੇ ਕਾਨੂੰਨ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਕਾਲੇ ਚੋਲੇ ਪਾ ਕੇ ਜ਼ਿਲ੍ਹਾ ਹੈੱਡਕੁਆਰਟਰਾਂ ਅੱਗੇ ਪ੍ਰਦਰਸ਼ਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਸਰਕਾਰ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ ਹਨ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਬੇਰੁਖੀ ਕਈ ਵਾਰ ਕਿਸੇ ਹੋਰ ਭਾਵਨਾ ਨੂੰ ਜਨਮ ਦਿੰਦੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਕਾਲੇ ਚੋਲੇ ਪਾ ਕੇ, ਜ਼ੰਜ਼ੀਰਾਂ ਬੰਨ੍ਹ ਕੇ ਪ੍ਰਦਰਸ਼ਨ ਕਰਾਂਗੇ। ਸਾਡੇ ਨਾਲ ਇਨਸਾਫ਼ ਨਹੀਂ ਹੋ ਰਿਹਾ।

ਧਾਮੀ ਨੇ ਕਿਹਾ ਕਿ ਇਸ ਧਰਤੀ ਉੱਤੇ ਦੋ ਵੱਖਰੇ ਕਾਨੂੰਨ ਹਨ। ਜਬਰ ਜਨਾਹ ਵਾਲਿਆਂ ਨੂੰ ਤਾਂ ਛੱਡਿਆ ਜਾ ਰਿਹਾ ਹੈ, ਰਾਜੀਵ ਗਾਂਧੀ ਦੇ ਕਾਤਲ ਨੂੰ ਛੱਡਿਆ ਗਿਆ ਹੈ ਪਰ ਬੰਦੀ ਸਿੰਘਾਂ ਦੀ ਰਿਹਾਈ ਵੱਲ ਕੋਈ ਧਿਆਨ ਹੀ ਨਹੀਂ ਦੇ ਰਿਹਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਦੇ ਕਮਜ਼ੋਰ ਨਹੀਂ ਹੋ ਸਕਦੀ।