Punjab

ਹਾਈਕੋਰਟ ਦਾ ਕਿਹਾ ਸਿਰ ਮੱਥੇ, ਮੁਲਾਜ਼ਮ ਉੱਥੇ ਦੇ ਉੱਥੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨੌਕਰੀ ਉੱਤੇ ਬਹਾਲ ਕੀਤੇ ਤਿੰਨ ਮੁਲਾਜ਼ਮਾਂ ਨੂੰ ਮੁੜ ਮੁਅੱਤਲ ਕਰ ਦਿੱਤਾ ਹੈ। ਕਮੇਟੀ ਨੇ ਮੁਲਾਜ਼ਮਾਂ ਦੇ ਖਿਲਾਫ਼ ਦੋਸ਼ ਪੱਤਰ ਤਿਆਰ ਕੀਤਾ ਹੈ। ਉੱਧਰ ਹਾਈਕੋਰਟ ਵੱਲੋਂ ਬਹਾਲ ਕੀਤੇ ਗਏ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਨੌਕਰੀ ’ਤੇ ਬਹਾਲ ਕੀਤਾ ਗਿਆ ਅਤੇ ਨਾ ਹੀ ਮੁਅੱਤਲੀ ਸਬੰਧੀ ਕੋਈ ਪੱਤਰ ਮਿਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਇਨ੍ਹਾਂ ਮੁਲਜ਼ਮਾਂ ਨੂੰ ਡਿਊਟੀ ’ਤੇ ਹਾਜ਼ਰ ਕਰਨ ਮਗਰੋਂ ਅਗਲੇਰੀ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਖਿਲਾਫ ਦੋਸ਼ ਪੱਤਰ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਦਾਲਤ ਦੇ ਹੁਕਮਾਂ ਮੁਤਾਬਕ ਹੀ ਕਾਰਵਾਈ ਕਰੇਗੀ।

ਦਰਅਸਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਬਚਨ ਸਿੰਘ, ਕਲਰਕ ਬਾਜ ਸਿੰਘ ਅਤੇ ਹੈਲਪਰ ਦਲਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਨੌਕਰੀ ’ਤੇ ਬਹਾਲ ਕਰਨ ਦਾ ਫੈਸਲਾ ਕੀਤਾ ਸੀ। ਇਨ੍ਹਾਂ ਤਿੰਨਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਗਪਗ 2 ਸਾਲ ਪਹਿਲਾਂ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿਚ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ। ਇਨ੍ਹਾਂ ਤੋਂ ਇਲਾਵਾ ਹੋਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਸੀ, ਜਦਕਿ ਮਾਮਲੇ ਵਿੱਚ ਇਹ ਤਿੰਨ ਵਿਅਕਤੀ ਹੀ ਅਦਾਲਤ ਵਿੱਚ ਗਏ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ, ਜਿਸ ਦਾ ਫੈਸਲਾ ਹਾਈ ਕੋਰਟ ਨੇ ਹੁਣ ਦਿੱਤਾ ਹੈ।

ਇਸ ਸਬੰਧੀ ਮੀਤ ਸਕੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਫਿਲਹਾਲ ਨਾ ਤਾਂ ਉਨ੍ਹਾਂ ਦੀ ਹਾਜ਼ਰੀ ਲਾ ਕੇ ਨੌਕਰੀ ’ਤੇ ਬਹਾਲ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਮੁਅੱਤਲੀ ਸਬੰਧੀ ਪੱਤਰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਉਹ ਮੁੜ ਸ਼੍ਰੋਮਣੀ ਕਮੇਟੀ ਦਫ਼ਤਰ ਜਾਣਗੇ। ਇਸ ਦੌਰਾਨ ਕਮੇਟੀ ਦੀ ਅਗਲੇਰੀ ਕਾਰਵਾਈ ਤੋਂ ਬਾਅਦ ਉਹ ਵੀ ਮਾਮਲੇ ਨੂੰ ਕਾਨੂੰਨੀ ਪੱਖ ਤੋਂ ਦੇਖਣਗੇ ਅਤੇ ਅਗਲੇਰੀ ਕਾਰਵਾਈ ਬਾਰੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਦੀ ਕਾਪੀ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਈਮੇਲ ਅਤੇ ਦਸਤੀ ਤੌਰ ’ਤੇ ਸੌਂਪ ਦਿੱਤੀ ਹੈ। ਇਹ ਮੀਤ ਸਕੱਤਰ ਜੁਲਾਈ 2020 ਵਿੱਚ ਸੇਵਾਮੁਕਤ ਹੋ ਗਿਆ ਸੀ ਪਰ ਉਸ ਦੀਆਂ ਸੇਵਾਵਾਂ ਵਿੱਚ ਅਗਲੇ ਹੁਕਮਾਂ ਤੱਕ ਵਾਧਾ ਕਰ ਦਿੱਤਾ ਗਿਆ ਸੀ। ਅਗਸਤ ਮਹੀਨੇ ਵਿੱਚ ਉਸ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ। ਉਸ ਨੇ ਦੱਸਿਆ ਕਿ ਸੇਵਾਮੁਕਤੀ ਦੇ ਲਾਭ ਵੀ ਹੁਣ ਤੱਕ ਨਹੀਂ ਮਿਲੇ।