Punjab Religion

ਸ਼੍ਰੋਮਣੀ ਕਮੇਟੀ ਨੇ ਬਾਬਾ ਫਰੀਦ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਿਊਰੋ ਰਿਪੋਰਟ (ਅੰਮ੍ਰਿਤਸਰ, 23 ਸਤੰਬਰ 2025): ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅੱਜ ਬਾਬਾ ਫਰੀਦ ਜੀ ਦਾ ਪ੍ਰਕਾਸ਼ ਪੁਰਬ ਵੱਡੀ ਸ਼ਰਧਾ ਅਤੇ ਆਦਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਇਸ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਸਨਾਧਾਰ ਕੀਤਾ।

ਸੰਗਤਾਂ ਨੇ ਨਤਮਸਤਕ ਹੋ ਕੇ ਅਰਦਾਸ ਵਿੱਚ ਹਿੱਸਾ ਲਿਆ ਜੋ ਭਾਈ ਸਰਵਣ ਸਿੰਘ ਨੇ ਕੀਤੀ। ਸਮਾਪਤੀ ’ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਪਾਵਨ ਹੁਕਮਨਾਮਾ ਸੁਣਾਇਆ ਗਿਆ। ਸਮੂਹ ਪ੍ਰੋਗਰਾਮ ਦੌਰਾਨ ਸੰਗਤਾਂ ਨੇ ਬਾਬਾ ਫਰੀਦ ਜੀ ਦੇ ਜੀਵਨ ਤੇ ਬਾਣੀ ਤੋਂ ਪ੍ਰੇਰਨਾ ਲੈ ਕੇ ਧਾਰਮਿਕਤਾ ਅਤੇ ਸੇਵਾ ਭਾਵਨਾ ਨਾਲ ਜੁੜੇ ਰਹਿਣ ਦਾ ਸੰਦੈਸ਼ ਪ੍ਰਾਪਤ ਕੀਤਾ।

ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਬਾਬਾ ਫਰੀਦ ਜੀ ਦੀ ਪਾਵਨ ਬਾਣੀ ਸਰਬਸਾਂਝੀਵਾਲਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਮਨੁੱਖ ਨੂੰ ਪ੍ਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸ ਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਬਾਬਾ ਫਰੀਦ ਜੀ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਪ੍ਰਚਾਰਕ ਭਾਈ ਸਤਵੰਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।