The Khalas Tv Blog India ਹੁਣ ਪਾਵਨ ਸਰੂਪਾਂ ਦੀ ਛਪਾਈ ਪ੍ਰਕਿਰਿਆ ਦੇ ਦਰਸ਼ਨ ਕਰ ਸਕੇਗੀ ਸੰਗਤ
India International Punjab

ਹੁਣ ਪਾਵਨ ਸਰੂਪਾਂ ਦੀ ਛਪਾਈ ਪ੍ਰਕਿਰਿਆ ਦੇ ਦਰਸ਼ਨ ਕਰ ਸਕੇਗੀ ਸੰਗਤ

ਖ਼ਾਲਸ ਬਿਊਰੋ (ਜਗਜੀਵਨ ਮੀਤ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹੁਣ ਸਿੱਖ ਸੰਗਤ ਗੁਰਦੁਆਰਾ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਪਾਵਨ ਸਰੂਪਾਂ ਦੀ ਛਪਾਈ ਅਤੇ ਸੇਵਾ ਸੰਭਾਲ ਦੀ ਪ੍ਰਕਿਰਿਆ ਦੇ ਦਰਸ਼ਨ ਕਰ ਸਕਦੀ ਹੈ। ਇਹ ਫੈਸਲਾ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮਗਰੋਂ ਲਿਆ ਗਿਆ।  ਉਨ੍ਹਾਂ ਦੱਸਿਆ ਕਿ ਇਸ ਬਾਰੇ ਜ਼ਰੂਰੀ ਮੈਪਿੰਗ ਤਿਆਰ ਕਰ ਲਈ ਗਈ ਹੈ। ਕਰੀਬ ਚਾਰ ਮਹੀਨਿਆਂ ਵਿੱਚ ਇਮਾਰਤ ਦਾ ਅੰਦਰੂਨੀ ਕੰਮ ਵੀ ਪੂਰਾ ਕਰ ਲਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਧਰਮ ਪ੍ਰਚਾਰ ਲਹਿਰ ਵੀ ਚਲਾਈ ਜਾਵੇਗੀ। ਇਸ ਦੌਰਾਨ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੰਗਤ ਨੂੰ ਧਾਰਮਿਕ ਦੀਵਾਨਾਂ ਰਾਹੀਂ ਜਾਗਰੂਕ ਕਰਨਗੇ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਦੇਣ ਲਈ ਪੁੱਜੀਆਂ ਦਰਖਾਸਤਾਂ ਦੇ ਆਧਾਰ ’ਤੇ ਕੀਤੇ ਫੈਸਲੇ ਅਨੁਸਾਰ ਵੱਖ-ਵੱਖ ਸੂਬਿਆਂ ਵਿੱਚ ਪੜ੍ਹਦੇ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਨੂੰ ਦਿੱਤੀਆਂ ਜਾਣਗੀਆਂ। ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਖੁਦ ਜਾ ਕੇ ਸਕੂਲਾਂ ਦੇ ਨਾਲ-ਨਾਲ ਸਿਕਲੀਗਰ ਪਰਿਵਾਰਾਂ ਤੱਕ ਪਹੁੰਚ ਕਰਨਗੇ।  

ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਿੱਕੇ, ਡਾਕ ਟਿਕਟ ਅਤੇ ਡਾਕ ਲਿਫਾਫੇ ਸਬੰਧੀ ਪ੍ਰਸਤਾਵਿਤ ਡਿਜ਼ਾਈਨ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਭੇਜ ਦਿੱਤੇ ਹਨ।  

Exit mobile version