The Khalas Tv Blog Punjab ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ! ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਕੀਤੀ ਖ਼ਾਸ ਅਪੀਲ
Punjab Religion

ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ! ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਕੀਤੀ ਖ਼ਾਸ ਅਪੀਲ

(ਬਿਉਰੋ ਰਿਪੋਰਟ) ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ।

ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਗਿਆ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਵੀ ਦਿੱਤੀ ਗਈ।

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ।

ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਅਗਵਾਈ ਤੇ ਪ੍ਰੇਰਣਾ ਦਿੱਤੀ।

ਉਨ੍ਹਾਂ ਸਿੱਖ ਜਗਤ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ।

Exit mobile version