ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬਾ ਸਮਾਂ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ਸ਼ੀਲ ਜੀਵਨ ਸਦਾ ਚੇਤੇ ਰੱਖਿਆ ਜਾਵੇਗਾ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬਾਪੂ ਸੂਰਤ ਸਿੰਘ ਪੰਥਕ ਜਜ਼ਬੇ ਦੀ ਮਿਸਾਲ ਸਨ। ਉਨ੍ਹਾਂ ਨੇ ਸਿੱਖ ਸੰਘਰਸ਼ ਵਿਚ ਅਹਿਮ ਸੇਵਾਵਾਂ ਦੇਣ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੜਾ ਕਠਿਨ ਤੇ ਔਕੜਾਂ ਭਰਿਆ ਸੰਘਰਸ਼ ਕੀਤਾ ਹੈ। ਉਨ੍ਹਾਂ ਬਾਪੂ ਸੂਰਤ ਸਿੰਘ ਦੀ ਆਤਮਾ ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਸਦੀਵੀ ਨਿਵਾਸ ਲਈ ਅਰਦਾਸ ਕੀਤੀ।
ਦੂਜੇ ਬੰਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦ੍ਰਿੜ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ।
ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਪੂ ਸੂਰਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।