Punjab Religion

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਹੋਣ ਦੀ ਕੀਤੀ ਅਪੀਲ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸਮਾਗਮ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਹੋਏ। ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਪਹੁੰਚੀਆਂ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕਰਕੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ। ਅਰਦਾਸ ਵਿੱਚ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਸਿੱਖ ਕੌਮ ਨੂੰ ਦ੍ਰਿੜਤਾ ਅਤੇ ਗੁਰਮਤਿ ਸਿਧਾਂਤਾਂ ’ਤੇ ਚੱਲਣ ਦੀ ਅਪੀਲ ਕੀਤੀ, ਸਿੱਖ ਪਛਾਣ ’ਤੇ ਹਮਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਯਤਨਾਂ ਦਾ ਜ਼ਿਕਰ ਕੀਤਾ।

ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਇਕ ਹੋਣ ਦੀ ਅਪੀਲ ਕੀਤੀ। ਇੱਕ ਵੀਡੀਓ ਜਾਰੀ ਕਰਦਿਆਂ ਧਾਮੀ ਨੇ ਕਿਹਾ ਕਿ ਜਿੱਥੇ 1984 ਦੇ ਘੱਲੂਘਾਰੇ ਦੌਰਾਨ ਕਿੰਨੇ ਹੀ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ ਇੱਥੇ ਸੰਤ ਗਿਆਨੀ ਬਾਬਾ ਜਰਨੈਲ ਸਿੰਘ ਭਿੰਡਰਾ ਵਾਲੇ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਬਾਬਾ ਠਾਹਰਾ ਸਿੰਘ ਵਰਗੇ ਮਹਾਨ ਯੋਧਿਆਂ ਨੇ ਭਾਰਤੀ ਫ਼ੌਜ ਦਾ ਟਾਕਰਾ ਕੀਤਾ।

ਧਾਮੀ ਨੇ ਕਿਹਾ ਕਿ ਉਸ ਵੇਲੇ ਫ਼ੌਜ ਦੇ ਅਫ਼ਸਰਾਂ ਨੇ ਇਸ ਸਬੰਧੀ ਕਿਤਾਬਾਂ ਵਿੱਚ ਮੰਨਿਆ ਹੈ ਕਿ ਮੁਬਾਕਲ ਬੇਹੱਦ ਹੀ ਸਖ਼ਤ ਸੀ। ਧਾਮੀ ਨੇ ਕਿਹਾ ਕਿ ਫ਼ੌਜ ਵਲੋਂ ਜਿਸਲ ਤਰ੍ਹਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੋਲੀਆਂ ਅਤੇ ਟੈਂਕਾ ਨਾਲ ਨਿਸ਼ਾਨਾ ਬਣਾਇਆ ਗਿਆ ਸੀ, ਇਹ ਇੱਕ ਯੋਜਨਾਵੱਧ ਢੰਗ ਨਾਲ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਸੀ।

ਧਾਮੀ ਨੇ ਕਿਹਾ ਕਿ ਜੂਨ 1984 ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਉਹਨਾਂ ਦੇ ਸਾਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਭਾਰਤੀ ਫੌਜ ਦੇ ਹਮਲੇ ਦੌਰਾਨ ਸੰਕਲਪ ਅਤੇ ਸਾਹਸ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਹਨਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੇ ਸੰਘਰਸ਼ ਦਾ ਪ੍ਰਤੀਕ ਹਨ। ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੰਮ੍ਰਿਤ ਵੇਲੇ ਅਖੰਡ ਪਾਠ ਦੇ ਭੋਗ ਪਾਏ ਗਏ, ਕੀਰਤਨ ਹੋਇਆ, ਅਰਦਾਸ ਕੀਤੀ ਗਈ, ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ।

ਧਾਮੀ ਨੇ ਸਿੱਖ ਕੌਮ ਦੇ ਅਧੂਰੇ ਮਸਲਿਆਂ ‘ਤੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਭਾਰਤੀ ਕਾਨੂੰਨ ਮੁਤਾਬਕ ਉਮਰ ਕੈਦ ਦੀ ਸਜ਼ਾ ਪੂਰੀ ਕਰਨ ਵਾਲੇ ਕੈਦੀ 20 ਸਾਲਾਂ ਬਾਅਦ ਰਿਹਾਅ ਹੋ ਸਕਦੇ ਹਨ, ਪਰ ਸਿੱਖ ਕੈਦੀ, ਜਿਨ੍ਹਾਂ ਨੇ 34 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਤੀਤ ਕੀਤਾ, ਅਜੇ ਵੀ ਰਿਹਾਈ ਦੀ ਉਡੀਕ ਕਰ ਰਹੇ ਹਨ। ਖਾਸ ਤੌਰ ‘ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਜ਼ਿਕਰ ਕੀਤਾ, ਜਿਨ੍ਹਾਂ ਦੀ ਮੌਤ ਦੀ ਸਜ਼ਾ 2019 ਵਿੱਚ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮਰ ਕੈਦ ਵਿੱਚ ਬਦਲਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਅਧੂਰਾ ਰਿਹਾ। ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ, ਸਰਕਾਰ ਨੂੰ ਨਿਰਦੇਸ਼ ਜਾਰੀ ਹੋਏ, ਪਰ ਕੋਈ ਨਤੀਜਾ ਨਹੀਂ ਨਿਕਲਿਆ।

ਉਹਨਾਂ ਨੇ ਸਿੱਖ ਸੰਸਥਾਵਾਂ ‘ਤੇ ਸਰਕਾਰੀ ਦਖਲਅੰਦਾਜ਼ੀ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਹਰਿਆਣੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਲੋਕਤੰਤਰੀ ਪ੍ਰਕਿਰਿਆ ਦੀ ਥਾਂ ਸਰਕਾਰੀ ਦਖਲ ਨੇ ਜਮਹੂਰੀਅਤ ਦਾ ਮਜ਼ਾਕ ਉਡਾਇਆ। ਧਾਮੀ ਨੇ ਸਰਕਾਰ ਨੂੰ ਧਰਮ ਦੇ ਮਾਮਲਿਆਂ ਵਿੱਚ ਦਖਲ ਨਾ ਦੇਣ ਦੀ ਚਿਤਾਵਨੀ ਦਿੱਤੀ, ਕਿਉਂਕਿ ਇਹ ਸਿੱਖ ਸਿਧਾਂਤਾਂ ਦੇ ਖਿਲਾਫ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਿੱਖ ਸਿਧਾਂਤਾਂ ਦੇ ਅਧੀਨ ਕੰਮ ਕਰਦੇ ਹਨ।

ਧਾਮੀ ਨੇ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਸੰਪਰਦਾਵਾਂ ਅਤੇ ਸਮੁੱਚੇ ਸਿੱਖ ਭਾਈਚਾਰੇ ਦਾ ਧੰਨਵਾਦ ਕੀਤਾ। ਉਹਨਾਂ ਨੇ ਭਵਿੱਖ ਵਿੱਚ ਸਾਰੀਆਂ ਸਿੱਖ ਜਥੇਬੰਦੀਆਂ ਦੀ ਵੱਡੀ ਮੀਟਿੰਗ ਸੱਦਣ ਦਾ ਐਲਾਨ ਕੀਤਾ, ਜਿਸ ਵਿੱਚ ਸਿੱਖ ਮਸਲਿਆਂ, ਖਾਸ ਕਰਕੇ ਕੈਦੀਆਂ ਦੀ ਰਿਹਾਈ, ਨੂੰ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਅੰਤ ਵਿੱਚ, ਧਾਮੀ ਨੇ ਕਿਹਾ ਕਿ ਜੇ ਸਿੱਖ ਕੌਮ ਇੱਕਜੁਟ ਹੋ ਜਾਵੇ, ਤਾਂ ਸਾਰੇ ਮਸਲੇ ਹੱਲ ਹੋ ਸਕਦੇ ਹਨ।