Punjab

SGPC ਪ੍ਰਧਾਨ ਨੇ ਰੰਧਾਵਾ ਦੀ ਚਿੱਠੀ ਦਾ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖੇ ਜਾਣ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਧਾਮੀ ਨੇ ਰੰਧਾਵਾ ਨੂੰ ਆਪਣੀ ਪੀੜ੍ਹੀ ਹੇਠ ਝਾਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਥਕ ਮਸਲਿਆਂ ਵਿੱਚ ਦਖ਼ਲ ਦੇਣ ਦਾ ਕੋਈ ਹੱਕ ਨਹੀਂ ਹੈ ਕਿਉਂਕਿ ਇਸ ਦੀ ਮਾਂ-ਪਾਰਟੀ ਕਾਂਗਰਸ ਨੇ ਸਿੱਖਾਂ ਦਾ ਕਤ ਲੇਆਮ ਕਰਕੇ ਸਿੱਖ ਕੌਮ ਦੇ ਖਾਤਮੇ ਦਾ ਕੋਝਾ ਯਤਨ ਕੀਤਾ ਸੀ।

ਧਾਮੀ ਨੇ ਰੰਧਾਵਾ ਨੂੰ ਸਵਾਲ ਕੀਤਾ ਕਿ ਕੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤ ਲੇਆਮ ਬਾਰੇ ਵੀ ਸੰਗਤ ਨੂੰ ਜਾਣੂ ਕਰਵਾਉਣ ਦੀ ਹਿੰਮਤ ਕਰਨਗੇ ? ਧਾਮੀ ਨੇ ਪੰਜਾਬ ਦੇ ਰੰਧਾਵਾ ਨੂੰ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋ ਲੀਆਂ ਨਾਲ ਜ਼ਖ਼ਮੀ ਕੀਤੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਵੱਲ ਧਿਆਨ ਦਿਵਾਉਂਦਿਆਂ ਆਖਿਆ ਕਿ ਕਾਂਗਰਸ ਵੱਲੋਂ ਕੀਤੀ ਇਹ ਬੇ ਅਦਬੀ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਇਸ ਨੂੰ ਕਦੇ ਨਹੀਂ ਭੁੱਲਣਗੀਆਂ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਕਾਂਗਰਸ ਜਮਾਤ ਦੇ ਆਗੂਆਂ ਨੂੰ ਪੰਥ ਦੀਆਂ ਗੱਲਾਂ ਕਰਨ ਦਾ ਕੋਈ ਹੱਕ ਨਹੀਂ ਹੈ ਅਤੇ ਸਿੱਖਾਂ ਦੀ ਕਾ ਤਲ ਜਮਾਤ ਦੇ ਆਗੂਆਂ ਨੂੰ ਆਪਣੀ ਪਾਰਟੀ ਦੇ ਕੁਕਰਮਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਇਸ ਦੇ ਮਾਨਯੋਗ ਜਥੇਦਾਰ ਸਾਹਿਬ ਦੀ ਸ਼ਾਨ ਬਹੁਤ ਉੱਚੀ ਹੈ। ਪਰ ਕਾਂਗਰਸ ਦੇ ਇਹ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਗਾਉਣ ਦੇ ਰਸਤੇ ਤੁਰੇ ਹੋਏ ਹਨ। ਇਨ੍ਹਾਂ ਦਾ ਮੰਤਵ ਕੌਮ ਅੰਦਰ ਦੁਬਿਧਾ ਪੈਦਾ ਕਰਨਾ ਹੈ। ਇਸ ਦੀ ਮਿਸਾਲ ਬੀਤੇ ਦਿਨਾਂ ’ਚ ਆਪੇ ਬਣੇ ਜਥੇਦਾਰਾਂ ਸਾਹਮਣੇ ਇਨ੍ਹਾਂ ਆਗੂਆਂ ਦਾ ਸੜਕ ’ਤੇ ਖੜ੍ਹ ਕੇ ਪੇਸ਼ ਹੋਣਾ ਹੈ। ਇਹ ਲੋਕ ਅਜਿਹੀਆਂ ਹਰਕਤਾਂ ਕੇਵਲ ਪੰਥ ਨੂੰ ਕਮਜ਼ੋਰ ਕਰਨ ਦੀ ਮਨਸ਼ਾ ਨਾਲ ਹੀ ਕਰ ਰਹੇ ਹਨ। ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀ ਹੱਦ ਅੰਦਰ ਰਹਿਣ ਅਤੇ ਪੰਥਕ ਮਸਲਿਆਂ ਵਿੱਚ ਦਖ਼ਲ ਨਾ ਦੇਣ।