The Khalas Tv Blog Khetibadi ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਪ੍ਰਬੰਧ
Khetibadi Punjab Religion

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਪ੍ਰਬੰਧ

ਬਿਊਰੋ ਰਿਪੋਰਟ (ਅੰਮ੍ਰਿਤਸਰ, 25 ਅਕਤੂਬਰ 2025): ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 6 ਕਰੋੜ ਦੀ ਲਾਗਤ ਨਾਲ 37 ਹਜ਼ਾਰ 500 ਏਕੜ ਰਕਬੇ ਲਈ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖ਼ਰੀਦ ਕੀਤੀ ਹੈ, ਜਿਸ ਨੂੰ ਅੱਜ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੰਡਣ ਦੀ ਸ਼ੁਰੂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਨੌਵੀਂ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿਖੇ ਵੀ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਥੇ 7500-7500 ਏਕੜ ਦੀ ਬਿਜਾਈ ਲਈ ਕਣਕ ਦੇ ਬੀਜ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਸਾਰੇ ਥਾਵਾਂ ਤੋਂ ਅਗਲੇ ਦਿਨਾਂ ’ਚ ਪੀੜਤ ਕਿਸਾਨਾਂ ਨੂੰ ਬੀਜ ਵੰਡਣ ਦਾ ਕਾਰਜ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ 10 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਪ੍ਰਮਾਣਿਕ ਕਿਸਮ ਦੇ ਬੀਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹੜ੍ਹਾਂ ਦੌਰਾਨ ਹਜ਼ਾਰਾਂ ਲੋਕਾਂ ਲਈ ਲੰਗਰ ਅਤੇ ਰਾਸ਼ਣ ਦੀ ਸੇਵਾ ਨਿਭਾ ਚੁੱਕੀ ਹੈ ਅਤੇ ਹਜ਼ਾਰਾਂ ਲੀਟਰ ਡੀਜ਼ਲ ਵੰਡ ਚੁੱਕੀ ਹੈ। ਇਸ ਦੇ ਨਾਲ ਹੀ ਪਾਣੀ ਵਿਚ ਘਿਰੇ ਖੇਤਰਾਂ ਵਿੱਚ ਮੈਡੀਕਲ ਸੇਵਾਵਾਂ ਵੀ ਕੀਤੀਆਂ ਗਈਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਾਡੀ ਵਚਨਬੱਧਤਾ ਹੈ ਕਿ ਲੋੜਵੰਦ ਭਰਾਵਾਂ ਨੂੰ ਕਦੀ ਵੀ ਨਿਰਾਸ਼ ਨਹੀਂ ਹੋਣ ਦੇਵਾਂਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਕਿਸਾਨਾਂ ਦੇ ਜੀਵਨ ਨੂੰ ਮੁੜ ਪੱਟੜੀ ’ਤੇ ਲਿਆਉਣ ਲਈ ਲੋੜ ਅਨੁਸਾਰ ਅੱਗੇ ਵੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

Exit mobile version