ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਨਵੰਬਰ 2025 ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਭੇਜਿਆ ਜਾਵੇਗਾ।
ਇਸ ਸਬੰਧੀ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਰਧਾਲੂ 4 ਅਗਸਤ 2025 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ। ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ, ਖਾਸ ਕਰ ਸ੍ਰੀ ਨਨਕਾਣਾ ਸਾਹਿਬ, ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।
ਸ਼ਰਧਾਲੂਆਂ ਨੂੰ ਪਾਸਪੋਰਟ ਦੇ ਨਾਲ ਹਲਕਾ ਮੈਂਬਰ ਦੀ ਸਿਫਾਰਸ਼, ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋਕਾਪੀ ਜਮ੍ਹਾਂ ਕਰਵਾਉਣੀ ਹੋਵੇਗੀ। ਉਨ੍ਹਾਂ ਸੰਗਤ ਨੂੰ ਸਮੇਂ ਸਿਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਵੀਜ਼ਾ ਪ੍ਰਕਿਰਿਆ ਸਮੇਂ ਸਿਰ ਪੂਰੀ ਹੋ ਸਕੇ।
ਹਾਲਾਂਕਿ, ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਤਣਾਅ ਕਾਰਨ ਐਸਜੀਪੀਸੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥਾ ਪਾਕਿਸਤਾਨ ਨਹੀਂ ਭੇਜਿਆ ਸੀ। ਇਸ ਵਾਰ ਸ਼ਰਧਾਲੂਆਂ ਨੂੰ ਸੁਚਾਰੂ ਯਾਤਰਾ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ।