ਅੰਮ੍ਰਿਤਸਰ : SGPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ ਨਾਲ ਮੁਲਾਕੀਤ ਕੀਤੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 1984 ਤੋਂ ਬਾਅਦ ਦੂਜੀ ਬਾਰ ਸ੍ਰੀ ਦਰਬਾਰ ਸਾਹਿਬ ਤੇ ਚੱਲੀ ਹੈ ਗੋਲੀ। ਇਸਦੇ ਨਾਲ ਹੀ ਨਰਾਇਣ ਸਿੰਘ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਇਕ ਵਫ਼ਦ ਨੇ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਉੱਤੇ ਕਾਤਲਾਨਾ ਹਮਲਾ ਕਰਨ ’ਤੇ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਦੋਸ਼ੀ ਨਰਾਇਣ ਸਿੰਘ ਚੌੜਾ ਖਿਲਾਫ਼ ਕਾਰਵਾਈ ਲਈ ਮੰਗ ਪੱਤਰ ਸੌਂਪਿਆ।
ਉਹਨਾਂ ਦੱਸਿਆ ਕਿ 1984 ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਚੱਲੀ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਪੱਤਰ ਜਥੇਦਾਰ ਸਾਹਿਬ ਨੂੰ ਸੌਂਪਿਆ ਹੈ ਜਿਸ ਵਿਚ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਲੱਗਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਮਰਿਆਣਾ ਨੂੰ ਸੱਟ ਵੱਜੀ ਹੈ।
ਉਨ੍ਹਾਂ ਕਿਹਾ ਕਿ ਇਹ ਹਮਲਾ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ, ਉਥੇ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦੀ ਵੱਡੀ ਬੇਅਦਬੀ ਅਤੇ ਇਸ ਦੀ ਰੂਹਾਨੀਅਤ ਨੂੰ ਖੰਡਤ ਕਰਨ ਵਾਲੀ ਕੋਝੀ ਹਰਕਤ ਵੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਅਤੇ ਦੁਨੀਆ ਭਰ ਦੇ ਸ਼ਰਧਾਲੂ ਨਤਮਸਤਕ ਹੋ ਕੇ ਆਪਣੀ ਆਤਮਿਕ ਤ੍ਰਿਪਤੀ ਦੇ ਨਾਲ ਨਾਲ ਸ਼ਾਂਤੀ, ਸਹਿਜ, ਸੇਵਾ ਭਾਵ ਜਿਹੇ ਗੁਣਾਂ ਨੂੰ ਆਪਣੇ ਅੰਦਰ ਸਮੋਅ ਕੇ ਲੈਜਾਂਦੇ ਹਨ।
ਉਨ੍ਹਾਂ ਕਿਹਾ ਇਥੋਂ ਦੀਆਂ ਜੀਵਨ ਬਖਸ਼ਣ ਵਾਲੀਆਂ ਤਰੰਗਾਂ ਮਨੁੱਖ ਨੂੰ ਇੱਕ ਮੁਕੰਮਲ ਸਮਰਪਣ ਅਤੇ ਅਗੰਮੀ ਇਲਹਾਮ ਦਾ ਰਾਹ ਦਿਖਾਉਂਦੀਆਂ ਹਨ। ਅਜਿਹੇ ਪਾਵਨ ਅਸਥਾਨ ਵੱਲ ਹਮਲਾ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਤਾਰ ਤਾਰ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਜਗਤ ਕੋਲੋਂ ਤਾਂ ਪਹਿਲਾਂ ਹੀ ਜੂਨ 1984 ਸਮੇਂ ਕਾਂਗਰਸ ਹਕੂਮਤ ਵੱਲੋਂ ਇਸ ਅਸਥਾਨ ਉੱਤੇ ਕੀਤੇ ਗਏ ਫੌਜੀ ਹਮਲੇ ਦਾ ਦਰਦ ਨਹੀਂ ਭੁੱਲਿਆ ਜਾ ਰਿਹਾ ਅਤੇ ਹੁਣ ਇਸ ਤਾਜਾ ਹਰਕਤ ਨਾਲ ਇਕ ਵਾਰ ਫਿਰ ਸਿੱਖਾਂ ਨੂੰ ਮਾਨਸਿਕ ਪੀੜਾ ਪੁੱਜੀ ਹੈ।
ਗੋਲੀ ਲੱਗਣ ਨਾਲ ਹੋਈ ਬੇਅਦਬੀ ਦਾ ਪਸ਼ਚਾਤਾਪ ਅਤੇ ਗੁਰੂ ਸਾਹਿਬ ਤੋਂ ਮੁਆਫੀ ਇੱਕ ਲੋੜੀਂਦਾ ਅਮਲ ਹੈ, ਜਿਸ ਨੂੰ ਮੁਕੰਮਲ ਕਰਨ ਵਾਸਤੇ ਹਰ ਸਿੱਖ ਅਤੇ ਇਸ ਪਾਵਨ ਅਸਥਾਨ ’ਤੇ ਆਸਥਾ ਰੱਖਦਾ ਹਰ ਵਿਅਕਤੀ ਸਿੱਖ ਕੌਮ ਦੀ ਅਗਵਾਈ ਕਰਦੇ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਆਸ ਰੱਖਦਾ ਹੈ।
ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਪੰਜ ਸਿੰਘ ਸਾਹਿਬਾਨ ਇਸ ਉੱਤੇ ਦੀਰਘ ਵਿਚਾਰ ਕਰਨ ਅਤੇ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਰਾਇਣ ਸਿੰਘ ਨੂੰ ਪੰਥ ਵਿੱਚੋਂ ਛੇਕਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਪਰਮਜੀਤ ਸਿੰਘ ਖ਼ਾਲਸਾ, ਅਮਰੀਕ ਸਿੰਘ ਵਿਛੋਆ, ਰਵਿੰਦਰ ਸਿੰਘ ਖ਼ਾਲਸਾ ਸ਼ਾਮਿਲ ਸਨ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਮੰਗ ਕੀਤੀ।