India Punjab

ਬੰਦੀ ਸਿੰਘਾਂ ਦੇ ਹੱਕ ‘ਚ ਡਟੀ SGPC

‘ਦ ਖ਼ਾਲਸ ਬਿਊਰੋ : ਅਜ਼ਾਦੀ ਲਈ 80% ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਵਿਤਕਰਾ ਕਿਉਂ?

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਹੈ ਵੱਡੀ ਉਲੰਘਣਾ।

ਬੰਦੀ ਸਿੰਘ ਰਿਹਾਅ ਕਰੋ ਸਿੱਖ ਕੌਮ ਨੂੰ ਇਨਸਾਫ਼ ਦਿਓ।

ਇਹ ਨਾਅਰੇ ਅੱਜ ਪੰਜਾਬ ਦੀਆਂ ਵੱਖ ਵੱਖ ਸੜਕਾਂ ਉੱਤੇ ਸੁਣਨ ਨੂੰ ਮਿਲ ਰਹੇ ਹਨ। ਦਰਅਸਲ, ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤਹਿਤ SGPC ਵੱਲੋਂ ਅੱਜ ਕਾਲੀਆਂ ਦਸਤਾਰਾਂ ਸਜਾ ਕੇ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਹੱਥਾਂ ਵਿੱਚ ਪੋਸਟਰ ਫੜੀ ਸੰਗਤ ਨੇ ਸਰਕਾਰ ਦੇ ਕੰਨਾਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ। ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਅੰਮ੍ਰਿਤਸਰ ਸਮੇਤ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਹੈਡਕੁਆਰਟਰਾਂ ਉੱਤੇ ਵੀ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਹੁਣ ਤੱਕ ਇਨਸਾਫ਼ ਨਾ ਮਿਲਣ ਦੇ ਕਰਕੇ ਰੋਸ ਮਾਰਚ ਕਰਨ ਲਈ ਮਜ਼ਬੂਰ ਹੋਣ ਦਾ ਕਾਰਨ ਦੱਸਿਆ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਦੇਸ਼ ਦੀ ਆਜ਼ਾਦੀ ਵਿੱਚ ਸਿੰਘਾਂ ਦੇ ਯੋਗਦਾਨ ਨੂੰ ਵੀ ਯਾਦ ਕਰਾਇਆ। ਧਾਮੀ ਨੇ ਸਰਕਾਰ ਨੂੰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਉਹ ਵਾਅਦੇ ਵੀ ਯਾਦ ਕਰਾਏ ਜੋ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਸਨ।

ਧਾਮੀ ਨੇ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਦੁਹਰਾਈ ਹੈ। ਰੋਸ ਮਾਰਚ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਵੀ ਕੀਤਾ। ਧਾਮੀ ਨੇ ਪੰਜ-ਸੱਤ ਦਿਨਾਂ ਦੇ ਬਾਅਦ ਦੇਸ਼ ਦੇ ਰਾਸ਼ਟਰਪਤੀ ਕੋਲ ਵੀ ਇਹ ਮੰਗ ਲੈ ਕੇ ਜਾਣ ਦਾ ਦਾਅਵਾ ਕੀਤਾ ਹੈ।

ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ 22 ਬੰਦੀ ਸਿੰਘ ਨਜ਼ਰਬੰਦ ਹਨ। ਇਨ੍ਹਾਂ ਵਿੱਚ ਬੇਅੰਤ ਸਿੰਘ ਕਤਲ ਕੇਸ ਦੇ ਸੱਤ ਦੋਸ਼ੀ ਵੀ ਸ਼ਾਮਿਲ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸਿੱਖ ਜਥੇਬੰਦੀਆਂ ਉੱਤੇ ਆਧਾਰਿਤ ਇੱਕ 11 ਮੈਂਬਰੀ ਕਮੇਟੀ ਬਣਾਈ ਗਈ ਸੀ ਪਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਾਹਰ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਵਿੱਚ ਹੀ ਦਮ ਤੋੜ ਗਈ।

ਅਕਾਲੀ ਦਲ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਦੀ ਲੋਕ ਸਭਾ ਚੋਣ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਅਰੇ ਨਾਲ ਲੜੀ ਸੀ।

ਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 10 ਅਗਸਤ ਨੂੰ ਜੰਤਰ ਮੰਤਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਧਰਨਾ ਦਿੱਤਾ ਗਿਆ ਸੀ। ਪੰਜਾਬ ਵਿੱਚ ਕਈ ਥਾਂ ਪੱਕੇ ਧਰਨੇ ਚੱਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਅੱਜ ਦੇ ਧਰਨੇ ਦਾ ਸਮਰਥਨ ਕਰਨ ਦਾ ਐਲਾਨ ਵੀ ਕੀਤਾ ਹੈ।