ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( Shiromani Gurdwara Parbandhak Committee )ਦੀ ਅੱਜ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਵਿਚ ਕਈ ਫ਼ੈਸਲੇ ਲਏ ਗਏ। ਇਨ੍ਹਾਂ ਬਾਰੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਆਉਣ ਵਾਲੇ ਸਮੇਂ ਵਿਚ ਆਪਣੇ ਸਮੂਹ ਵਿੱਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ਵਿਚ ਵਿਸ਼ੇਸ਼ ਹਸਤੀਆਂ ਨੂੰ ਛੱਡ ਕੇ ਬਾਕੀਆਂ ਨੂੰ ਸਿਰੋਪਾਓ ਦੇਣਾ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਹਰ ਵਿੱਦਿਅਕ ਅਦਾਰਿਆਂ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।
ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰ ਉੱਤੇ ਦਸਤਖ਼ਤ ਮੁਹਿੰਮ ਚਲਾਈ ਜਾਵੇਗੀ।
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।
ਧਾਮੀ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸ਼ਹੀਦੀ ਦਿਵਸ ਵਜੋਂ ਹੀ ਮਨਾਇਆ ਜਾਵੇ। ਸਰਕਾਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦੀ ਜਿੱਦ ਨਾ ਕਰੇ।
ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਅਗਲੇ ਹੁਕਮਾਂ ਤੱਕ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ।
ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਵਲ ਵੱਡੇ ਜੋੜ ਮੇਲਿਆਂ ਮੌਕੇ ਲੋੜ ਅਨੁਸਾਰ ਆਰਜੀ ਲੇਬਰ ਹੀ ਲਗਾਈ ਜਾ ਸਕੇਗੀ।