‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੜਿਕਾ ਪਾਉਣ ‘ਤੇ ਸਖ਼ਤ ਨਿੰਦਿਆ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ ਸਾਹਮਣੇ ਆ ਚੁੱਕਾ ਹੈ। ਇਕ ਪਾਸੇ 1984 ਦੀ ਸਿੱਖ ਨਸ ਲਕੁਸ਼ੀ ਦੇ ਦੋ ਸ਼ੀ ਕਸ਼ੋਰੀ ਲਾਲ ਨੂੰ ਦਿੱਲੀ ਸਰਕਾਰ ਵੱਲੋਂ ਕਈ ਵਾਰ ਪੈਰੋਲ ਦਵਾਈ ਜਾ ਚੁੱਕੀ ਹੈ, ਜਦਕਿ ਦੂਸਰੇ ਪਾਸੇ ਸਾਰੀਆਂ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ।
ਇਸਦੇ ਨਾਲ ਉਨ੍ਹਾਂ ਕਿਹਾ ਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ, ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਪ੍ਰੋ. ਭੁੱਲਰ ਦੀ ਫਾਈਲ ’ਤੇ ਸਹੀ ਨਹੀਂ ਪਾ ਰਹੀ। ਸ਼੍ਰੋਮਣੀ ਕਮੇਟੀ ਪ੍ਰੋ ਭੁੱਲਰ ਦੀ ਰਿਹਾਈ ਲਈ ਭਾਰਤ ਸਰਕਾਰ ਤੱਕ ਪਹੁੰਚ ਕਰੇਗੀ। ਜੇਕਰ ਲੋੜ ਪਈ ਤਾਂ ਕਾਨੂੰਨ ਦਾ ਸਹਾਰਾ ਵੀ ਲਿਆ ਜਾਵੇਗਾ । ਉਨ੍ਹਾਂ ਹੋਰ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਬੀਤੇ ’ਚ ਕਾਂਗਰਸ ਨੂੰ ਕਲੀਨ ਚਿੱਟ ਦੇਣ ਵਾਲਾ ਬਿਆਨ ਵੀ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ। ਸਿੱਖ ਅਜਿਹੇ ਦੋਗਲੇ ਕਿਰਦਾਰ ਵਾਲੇ ਵਿਅਕਤੀ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਪ੍ਰੋ. ਭੁੱਲਰ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ।