ਬਿਊਰੋ ਰਿਪੋਰਟ (ਅੰਮ੍ਰਿਤਸਰ, 5 ਸਤੰਬਰ 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ਼੍ਰੋਮਣੀ ਕਮੇਟੀ ਦੁਆਰਾ ਆਰੰਭ ਕੀਤੇ ਹੜ੍ਹ ਰਿਲੀਫ਼ ਫੰਡ ਲਈ ਦੋ ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਇਸ ਵਿਚੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਇੱਕ ਕਰੋੜ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਟ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਸਮੇਂ ਦੀਆਂ ਸਰਕਾਰਾਂ ਨੇ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ ਪਰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਸੰਗਤਾਂ ਦੇ ਸਹਿਯੋਗ ਨਾਲ ਹੜ ਪੀੜਤ ਲੋਕਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾ ਰਹੇ ਹਨ।
ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਸ਼ਨ ਤੋਂ ਬਾਅਦ ਹੁਣ ਬੱਚਿਆਂ ਲਈ ਪਾਊਡਰ ਦੁੱਧ, ਮੱਛਰਦਾਨੀਆਂ, ਬਿਮਾਰੀਆਂ ਤੋਂ ਬਚਾਓ ਲਈ ਇਲਾਕੇ ਵਿਚ ਮੱਖੀ ਮੱਛਰ ਨੂੰ ਖ਼ਤਮ ਕਰਨ ਲਈ ਸਪਰੇਅ, ਦਵਾਈਆਂ, ਬਿਸਤਰੇ ਅਤੇ ਮੁੜ ਵਸੇਬੇ ਲਈ ਲੋੜੀਂਦੀ ਸਹਾਇਤਾ ਆਦਿ ਦੀ ਜ਼ਰੂਰਤ ਹੈ। ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਲਾਨਾ ਅਖਤਿਆਰੀ ਫੰਡ ਵਿਚੋਂ ਇਕ ਇਕ ਲੱਖ ਰੁਪਏ ਸ਼੍ਰੋਮਣੀ ਕਮੇਟੀ ਵਲੋਂ ਸ਼ੁਰੂ ਕੀਤੇ ਹੜ੍ਹ ਪੀੜਤ ਰਿਲੀਫ਼ ਫ਼ੰਡ ਵਿਚ ਜ਼ਰੂਰ ਦੇਣ ਤਾਂ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਕੀਤੀ ਜਾ ਸਕੇ।
ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਢ, ਪਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।