ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਸਟੋਰ ਐਮਾਜ਼ੋਨ ’ਤੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਤੇ ਸੈਂਚੀਆਂ ਦੀ ਹੋ ਰਹੀ ਵਿਕਰੀ ’ਤੇ ਸਖ਼ਤ ਨੋਟਿਸ ਲੈਂਦਿਆਂ ਇਸ ’ਤੇ ਤੁਰੰਤ ਰੋਕ ਲਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਐਮਾਜ਼ੋਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਪੱਤਰ ਵੀ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਟਕਾ ਸਾਹਿਬਾਨ ਨੂੰ ਹਟਾ ਕੇ ਆਪਣਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਣ।
ਇਸ ਮਾਮਲੇ ਸਬੰਧੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (SGPC President Advocate Harjinder Singh Dhami) ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਿਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ।
ਉਨ੍ਹਾਂ ਕਿਹਾ ਕਿ ਜਦੋਂ ਪਾਰਸਲ ਰਾਹੀਂ ਗੁਟਕਾ ਸਾਹਿਬ ਇੱਕ ਤੋਂ ਦੂਜੀ ਥਾਂ ’ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਪਰ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਉਨ੍ਹਾਂ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।
ਐਡਵੋਕੇਟ ਨੇ ਪਬਲਿਸ਼ਰਜ਼ ਨੂੰ ਵੀ ਅਪੀਲ ਕੀਤੀ ਹੈ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਹ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ਼ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਧਰਮ ਪ੍ਰਚਾਰ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ, ਜਿਸ ਮਗਰੋਂ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਬੰਦ ਕਰ ਦਿੱਤੀ ਗਈ ਸੀ, ਪਰ ਇਹ ਫਿਰ ਤੋਂ ਸ਼ੁਰੂ ਹੋ ਗਈ ਹੈ।