ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ 1984 ਦੇ ਦਿੱਲੀ ਸਿੱਖ ਕਤਲੇਆਮ ਕੇਸ ਵਿੱਚ ਸੀਬੀਆਈ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕਰਨ ਦਾ ਸੁਆਗਤ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦੇ ਕਥਿਤ ਮੁੱਖ ਦੋਸ਼ੀਆਂ ਵਿੱਚ ਸ਼ਾਮਲ ਹੈ, ਜਿਸ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਧਾਮੀ ਨੇ ਕਿਹਾ ਕਿ ਸੀਬੀਆਈ ਵੱਲੋਂ ਅੱਜ ਦਾਇਰ ਕੀਤੀ ਚਾਰਜਸ਼ੀਟ ਨਾਲ ਕਾਂਗਰਸੀ ਆਗੂ ਨੂੰ ਸਜ਼ਾ ਤੇ ਪੀੜਤਾਂ ਨੂੰ ਨਿਆਂ ਮਿਲਣ ਦੀ ਆਸ ਬੱਝੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਪੀੜਤ ਲੰਮੇ ਅਰਸੇ ਤੋਂ ਇਨਸਾਫ਼ ਮੰਗ ਰਹੇ ਹਨ। ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਇਸ ਫ਼ੈਸਲੇ ਨੂੰ ਸਵਾਗਤਯੋਗ ਕਰਾਰ ਦਿੰਦਿਆਂ ਕਿਹਾ ਕਿ ਹੁਣ ਸਜ਼ਾ ਸੁਣਾਉਣ ਦਾ ਕੰਮ ਵੀ ਛੇਤੀ ਹੀ ਕਰ ਦੇਣਾ ਚਾਹੀਦਾ ਹੈ।
ਦੱਸ ਦਈਏ ਕਿ ਲੰਘੇ ਕੱਲ੍ਹ ਸੀਬੀਆਈ ਨੇ 1984 ਸਿੱਖ ਦੰਗਿਆਂ ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਸੀਬੀਆਈ ਵੱਲੋਂ ਟਾਈਟਲਰ ਨੂੰ ਚਾਰਜਸ਼ੀਟ ’ਚ ਮੁਲਜ਼ਮ ਵਜੋਂ ਦਰਜ ਕੀਤਾ ਗਿਆ ਹੈ। ਇਹ ਮਾਮਲਾ ਗੁਰਦੁਆਰਾ ਪੁਲ ਬੰਗਸ਼ ਆਜ਼ਾਦ ਮਾਰਕੀਟ ਨੇੜੇ ਇੱਕ ਭੀੜ ਵੱਲੋਂ ਠਾਕੁਰ ਸਿੰਘ, ਬਾਦਲ ਸਿੰਘ ਤੇ ਗੁਰਚਰਨ ਸਿੰਘ ਦੀ ਹੱਤਿਆ ਨਾਲ ਸਬੰਧਤ ਹੈ। ਘਟਨਾ ਪਹਿਲੀ ਨਵੰਬਰ 1984 ਨੂੰ ਵਾਪਰੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਟਾਈਟਲਰ ’ਤੇ ਲੱਗੇ ਦੋਸ਼ਾਂ ਨਾਲ ਸਬੰਧਤ ਨਵੇਂ ਸਬੂਤ ਸਾਹਮਣੇ ਆਏ ਹਨ। ਇਸ ਮਾਮਲੇ ਵਿਚ ਗਵਾਹਾਂ ਵੱਲੋਂ ਦਿੱਤੇ ਬਿਆਨਾਂ ਮੁਤਾਬਕ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ। ਕੇਸ ਵਿਚ ਪਟੀਸ਼ਨ ਲਖਵਿੰਦਰ ਕੌਰ ਵੱਲੋਂ ਦਾਇਰ ਕੀਤੀ ਗਈ ਸੀ ਜੋ ਕਿ ਮ੍ਰਿਤਕ ਬਾਦਲ ਸਿੰਘ ਦੀ ਪਤਨੀ ਹੈ।
ਜਗਦੀਸ਼ ਟਾਈਟਲਰ ਵਿਰੁੱਧ ਧਾਰਾ 147, 148, 149, 153 (ਏ), 188 ਆਈਪੀਸੀ ਅਤੇ 109, 302, 295 ਅਤੇ 436 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ