The Khalas Tv Blog India ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ SGPC, ਸਕੂਲਾਂ-ਕਾਲਜਾਂ ਦੇ ਬਾਹਰ ਜਲਦ ਹੀ ਬੰਦੀ ਸਿੰਘਾਂ ਦੇ ਲਗਾਏ ਜਾਣਗੇ ਬੋਰਡ
India Punjab

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ SGPC, ਸਕੂਲਾਂ-ਕਾਲਜਾਂ ਦੇ ਬਾਹਰ ਜਲਦ ਹੀ ਬੰਦੀ ਸਿੰਘਾਂ ਦੇ ਲਗਾਏ ਜਾਣਗੇ ਬੋਰਡ

‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਇਨ੍ਹਾਂ ਬੋਰਡਾਂ ਉੱਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹੁਣ ਤੱਕ ਦੀਆਂ ਸਰਕਾਰਾਂ ਦੇ ਵਤੀਰੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ।

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਪੁਰ ਵਿੱਚ ਜਥੇਦਾਰ ਵੱਲੋਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਆਦੇਸ਼ ਕੀਤਾ ਗਿਆ ਸੀ ਕਿ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਦਾ ਵਿਰੋਧ ਕੀਤਾ ਜਾਵੇ ਅਤੇ ਇਸ ਲਈ ਗੁਰੂ ਘਰਾਂ ਅਤੇ ਹੋਰ ਅਦਾਰਿਆਂ ਦੇ ਬਾਹਰ ਵੱਡੇ ਬੋਰਡ ਤਿਆਰ ਕਰਵਾ ਕੇ ਸਥਾਪਤ ਕੀਤੇ ਜਾਣ। ਇਨ੍ਹਾਂ ਬੋਰਡਾਂ ’ਤੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਸਮੇਤ ਉਨ੍ਹਾਂ ਦੀਆਂ ਸਜ਼ਾਵਾਂ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇ । ਧਾਮੀ ਨੇ ਇਹ ਵੀ ਕਿਹਾ ਕਿ ਇਸ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ’ਚ ਇਹ ਬੋਰਡ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਬੋਰਡ ਗੁਰਦੁਆਰਿਆਂ ਦੇ ਮੁੱਖ ਦੁਆਰਾਂ ਅਤੇ ਵਿਦਿਅਕ ਅਦਾਰਿਆਂ ਵਿਚ ਵੀ ਢੁੱਕਵੀਆਂ ਥਾਵਾਂ ’ਤੇ ਲਗਾਏ ਜਾਣਗੇ। ਬੋਰਡਾਂ ਦੀ ਇਬਾਰਤ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਕਿਹਾ ਗਿਆ ਹੈ ਅਤੇ ਜਲਦ ਹੀ ਇਹ ਕਾਰਜ ਮੁਕੰਮਲ ਕੀਤਾ ਜਾਵੇਗਾ। 

 ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਲਈ ਪੱਤਰ ਲਿਖੇ ਸਨ, ਜਿਸ ਪ੍ਰਤੀ ਅਜੇ ਤੱਕ ਹੁੰਗਾਰਾ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਆਖਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕਰਨਾ ਸਿੱਖਾਂ ਦਾ ਹੱਕ ਹੈ ਕਿਉਂਕਿ ਇਹ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਹੋਣ ਤੋਂ ਬਾਦ ਵੀ ਜੇਲ੍ਹਾਂ ਵਿਚ ਬੰਦ ਹਨ ਅਤੇ ਸਰਕਾਰਾਂ ਦੇ ਇਹ ਫੈਸਲੇ ਮਨੁੱਖੀ ਹੱਕਾਂ ਦਾ ਘਾਣ ਹਨ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਬੀਤੇ ਦਿਨੀਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇੱਕ ਸਮਾਗਮ ਵਿੱਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਬਿ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬੰਦੀ ਸਿੰਘਾਂ ਦੀ ਰਿਹਾਈ ‘ਤੇ ਕੇਜਰੀਵਾਲ ਦੇ ਵਤੀਰੇ ਨੂੰ ਲੈ ਕੇ ਕਾਫੀ ਗੁੱ ਸੇ ਵਿੱਚ ਸਨ। ਉਨ੍ਹਾਂ ਨੇ ਕੇਜਰੀਵਾਲ ਨੂੰ ਖਰੀਆਂ-ਖਰੀਆਂ ਸੁਣਾਈਆਂ ਸਨ। ਜਥੇਦਾਰ ਨੇ ਕਿਹਾ ਸੀ ਕਿ ਮੀਂਹ ਵਿੱਚ ਸਿੱਖ ਜਥੇਬੰਦੀਆਂ ਬਾਹਰ ਖੜੀਆਂ ਰਹੀਆਂ ਪਰ ਦਿੱਲੀ ਦੇ ਮੁੱਖ ਮੰਤਰੀ ਬਾਹਰ ਨਹੀਂ ਨਿਕਲੇ।

ਸ੍ਰੀ ਅਕਾਲ ਤਖ਼ਤ ਸਾਹਬਿ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਜਿਸ ਦੀ ਦਹਾੜ ਨਾਲ ਦਿੱਲੀ ਦਾ ਤਖ਼ਤ ਹਿੱਲ ਜਾਂਦਾ ਸੀ, ਨੂੰ ਅੱਜ ਇੰਨਾ ਕਮਜ਼ੋਰ ਕਰ ਦਿੱਤਾ ਹੈ ਕਿ ਇੱਕ ਲਾਲਾ ਬਾਹਰ ਆ ਕੇ ਨਹੀਂ ਮਿਲਦਾ ਹੈ। ਇਹ ਸਾਡੀ ਕਮਜ਼ੋਰੀ ਨਹੀਂ ਹੈ ਤਾਂ ਕੀ ਹੈ। ਮੈਂ ਪ੍ਰਧਾਨ ਸਾਹਿਬ ਨੂੰ ਕਹਿਣਾ ਚਾਵਾਂਗਾ ਕਿ ਕੋਈ ਜ਼ਰੂਰਤ ਨਹੀਂ ਹੈ ਲੇਲੜੀਆਂ ਕੱਢਣ ਦੀ, ਅਸੀਂ ਉਸ ਵੇਲੇ ਲੇਲੜੀਆਂ ਨਹੀਂ ਕੱਢੀਆਂ, ਜਦੋਂ ਸਾਡਾ ਬੰਦ-ਬੰਦ ਕੱਟਿਆ ਜਾ ਰਿਹਾ ਸੀ। ਇਸ ਹਕੂਮਤ ਦੇ ਮੂੰਹ ‘ਤੇ ਅੱਜ ਦਾ ਇਤਿਹਾਸ ਥੁੱਕੇਗਾ ਕਿ ਕਿਵੇਂ ਉਸ ਹਕੂਮਤ ਨੇ ਉਮਰਾਂ ਗਵਾ ਕੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੰਘਾਂ ਨੂੰ ਜੇਲ੍ਹਾਂ ਵਿੱਚ ਬਿਠਾ ਕੇ ਰੱਖਿਆ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ। ਕੇਜਰੀਵਾਲ ਖਿਲਾਫ਼ ਸਖ਼ਤ ਟਿੱਪਣੀ ਕਰਨ ਤੋਂ ਬਾਅਦ ਜਥੇਦਾਰ ਵੱਲੋਂ SGPC ਨੂੰ ਬੰਦੀ ਸਿੰਘਾਂ ਦੀ ਰਿਹਾਈ ਤੇਜ਼ ਕਰਨ ਦੇ ਲਈ ਕੁਝ ਨਿਰਦੇਸ਼ ਵੀ ਦਿੱਤੇ ਸਨ।

ਜਥੇਦਾਰ ਨੇ ਕਿਹਾ ਸੀ ਕਿ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੁੰ ਅਪੀਲ ਹੈ ਕਿ ਬੰਦੀ ਸਿੰਘਾਂ ਦੀਆਂ ਤਸਵੀਰਾਂ ਵਾਲੇ ਫਲੈਕਸ ਬੋਰਡ ਬਣਵਾ ਕੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਜਾਣ ਤੇ ਬੰਦੀ ਸਿੰਘਾਂ ਬਾਰੇ ਜਾਣਕਾਰੀ ਸੰਗਤਾਂ ਨਾਲ ਵੱਧ ਤੋਂ ਵੱਧ ਸਾਂਝੀ ਕੀਤੀ। ਜਥੇਦਾਰ ਨੇ ਇਹ ਸਪਸ਼ਟ ਕਿਹਾ ਕਿ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੋਲ ਜਾ ਕੇ ਮੈਮੋਰੰਡਮ ਦੇਣ ਦੀ ਕੋਈ ਲੋੜ ਨਹੀਂ ਹੈ। 

Exit mobile version