India Punjab

SGPC ਜਲਦ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇਗੀ, ਸਿੱਖ ਗੁਰਦੁਆਰਾ ਐਕਟ ਸੋਧ ਬਿੱਲ ਮਾਮਲੇ ‘ਚ ਦਖ਼ਲ ਦੀ ਕਰੇਗੀ ਮੰਗ…

SGPC will soon meet Home Minister Shah, will seek intervention in the Sikh Gurdwara Act Amendment Bill matter...

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPC) ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗੀ। ਇਸ ਲਈ ਪੰਥਕ ਸੋਚ ਵਾਲੇ ਸੰਗਠਨਾਂ ਦੀ ਰਾਏ ਲਈ ਜਾ ਰਹੀ ਹੈ ਤੇ ਇਨ੍ਹਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰੀ ਸ਼ਾਹ ਨੂੰ ਮਿਲ ਕੇ ਐੱਸਜੀਪੀਸੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਮਾਮਲੇ ਵਿਚ ਦਖ਼ਲ ਦੀ ਮੰਗ ਕਰੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਸੋਧ ਐਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ SGPC ਨੇ ਇਸ ਦਾ ਵਿਰੋਧ ਕੀਤਾ ਤੇ ਇਸ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਾਰ ਦਿੱਤਾ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁਤਾਬਕ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਦੇ ਬਿਨਾਂ ਨਹੀਂ ਕੀਤਾ ਜਾ ਸਕਦਾ।

ਐੱਸਜੀਪੀਸੀ ਨੇ ਪੰਜਾਬ ਸਰਕਾਰ ਵੱਲੋ ਵਿਧਾਨ ਸਭਾ ਵਿਚ ਪਾਸ ਐਕਟ ਖ਼ਿਲਾਫ਼ 26 ਜੂਨ ਨੂੰ ਵਿਸ਼ੇਸ਼ ਇਜਲਾਸ ਵੀ ਬੁਲਾਇਆ ਸੀ। ਜਿਸ ਵਿਚ SGPC ਨੇ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਐਕਟ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਬਾਅਦ ਐੱਸਜੀਪੀਸੀ ਪ੍ਰਧਾਨ ਪੰਜਾਬ ਦੇ ਰਾਜਪਾਲ ਨੂੰ ਵੀ ਮਿਲਣ ਪਹੁੰਚੇ ਸਨ ਜਿੱਥੇ ਰਾਜਪਾਲ ਪੁਰੋਹਿਤ ਨੇ ਪ੍ਰਧਾਨ ਧਾਮੀ ਨੂੰ ਭਰੋਸਾ ਦਿੱਤਾ ਕਿ ਉਹ ਨਿਯਮਾਂ ਮੁਤਾਬਕ ਹੀ ਕਦਮ ਚੁੱਕਣਗੇ।

ਐਡਵੋਕੇਟ ਧਾਮੀ ਨੇ ਯੂਨੀਫ਼ਾਰਮ ਸਿਵਲ ਕੋਡ ਦਾ ਵੀ ਵਿਰੋਧ ਕੀਤਾ। ਉਨ੍ਹਾਂ ਨੇ ਪਰੰਪਰਾਵਾਂ ਸੰਸਕ੍ਰਿਤੀ ਤੇ ਘੱਟ-ਗਿਣਤੀਆਂ ਦੀ ਖ਼ਾਸ ਪਛਾਣ ਦੇ ਸੰਭਾਵਿਤ ਨੁਕਸਾਨ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਸਿਵਲ ਕੋਡ ਖ਼ਿਲਾਫ਼ ਸਖ਼ਤ ਰੁਖ਼ ਅਪਣਾਏਗੀ ਤੇ ਇਸ ਦਾ ਵਿਰੋਧ ਕਰੇਗੀ।