‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੇ ਜਵਾਬ ਲਈ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਇਸਦੇ ਨਾਲ ਹੀ ਧਾਮੀ ਨੇ ਜਥੇਦਾਰ ਦੇ ਟਵੀਟ ਨੂੰ ਡਿਲੀਟ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ ਹੈ।
ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਮਰਿਆਦਾ ਵਿੱਚ ਰਹਿਣ। ਕੱਲ੍ਹ ਮੁੱਖ ਮੰਤਰੀ ਮਾਨ ਨੇ ਜਿਵੇਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੂੰ ਤੰਜ ਭਰਿਆ ਟਵੀਟ ਕਰਕੇ ਜਵਾਬ ਦਿੱਤਾ ਹੈ, ਉਹ ਮਰਿਆਦਾ ਦੀ ਬਹੁਤ ਵੱਡੀ ਉਲੰਘਣਾ ਕੀਤੀ ਗਈ ਹੈ ਕਿਉਂਕਿ ਆਮ ਤਖ਼ਤ ਪੰਜ ਸਾਲ ਬਾਅਦ ਬਦਲ ਜਾਂਦੇ ਹਨ ਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਚਨਾ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੀਤੀ ਹੈ। ਇਹ ਉਹ ਤਖ਼ਤ ਹੈ ਜਿੱਥੇ ਕੌਮ ਦੇ ਮਸਲੇ ਵਿਚਾਰੇ ਜਾਂਦੇ ਹਨ। ਜਥੇਦਾਰ ਨੇ ਆਪਣੇ ਟਵਿੱਟਰ ਦੇ ਜ਼ਰੀਏ ਕੌਮ ਦੇ ਨਾਂ ਜੋ ਸੱਦੇ ਪੱਤਰ ਭੇਜੇ ਸਨ, ਉਨ੍ਹਾਂ ਨੂੰ ਵੀ ਡਿਲੀਟ ਕੀਤਾ ਗਿਆ। ਮੁੱਖ ਮੰਤਰੀ ਮਾਨ ਨੂੰ ਲੱਗਦਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਅੱਗੇ ਝੁਕ ਜਾਵੇਗਾ ਪਰ ਇਹ ਦੁਨਿਆਵੀ ਤਖ਼ਤ ਨਹੀਂ ਹੈ।
ਦਰਅਸਲ, ਸੋਮਵਾਰ ਨੂੰ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਸਿੱਖਾਂ ਦੀ ਰਿਹਾਈ ਦੇ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਵਿਚਾਲੇ ਸਿੱਧਾ ਟਕਰਾਅ ਹੋ ਗਿਆ ਹੈ। ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਤਿੱਖੇ ਸਵਾਲ ਚੁੱਕੇ ਤਾਂ ਜਥੇਦਾਰ ਸਾਹਿਬ ਨੇ ਜਵਾਬ ਦੇਣ ਵਿੱਚ ਜ਼ਿਆਦਾ ਦੇਰ ਨਹੀਂ ਕੀਤੀ।
ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ, ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ’।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ
— Bhagwant Mann (@BhagwantMann) March 28, 2023
ਇਸ ਦਾ ਜਵਾਬ ਵੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਸੇ ਅੰਦਾਜ਼ ਵਿੱਚ ਦਿੱਤਾ।
— Singh Sahib Giani Harpreet Singh ji (@J_Harpreetsingh) March 28, 2023
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇੰਦਾ ਹਾਂ, ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ ਹੈ। ਤੁਸੀਂ ਠੀਕ ਕਿਹਾ ਹੈ ਕਿ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਿਕ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰੀ ਤਰ੍ਹਾਂ ਨਾਲ ਸੁਚੇਤ ਹਾਂ, ਪੁਰ ਤੁਸੀਂ ਧਿਆਨ ਰੱਖੋ ਆਪਣੀ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਿਕ ਲੋਕ ਨਾ ਵਰਤ ਜਾਣ । ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲਾਂ ਵਿੱਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ,ਵਾਹਿਗੁਰੂ ਭਲੀ ਕਰੇ।