ਬਿਊਰੋ ਰਿਪੋਰਟ (ਅੰਮ੍ਰਿਤਸਰ, 2 ਫਰਵਰੀ 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਸਿੱਖ ਧਰਮ ਦੀ ਮਰਿਆਦਾ ਦੇ ਖ਼ਿਲਾਫ਼ ਤਿਆਰ ਕੀਤੀਆਂ ਜਾ ਰਹੀਆਂ ਵੀਡੀਓਜ਼, ਤਸਵੀਰਾਂ ਅਤੇ ਹੋਰ ਡਿਜੀਟਲ ਸਮੱਗਰੀ ਦੇ ਗੰਭੀਰ ਮਾਮਲਿਆਂ ਨੂੰ ਦੇਖਦੇ ਹੋਏ ਇੱਕ ਵਿਸ਼ੇਸ਼ ਉਪ-ਕਮੇਟੀ ਦਾ ਗਠਨ ਕੀਤਾ ਹੈ। ਇਹ ਫੈਸਲਾ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਇਸ ਉਪ-ਕਮੇਟੀ ਵਿੱਚ ਸਿੱਖਿਆ, ਪ੍ਰਸ਼ਾਸਨ ਅਤੇ ਕੰਪਿਊਟਰ ਸਾਇੰਸ ਦੇ ਖੇਤਰ ਨਾਲ ਜੁੜੇ ਵੱਡੇ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਪ੍ਰੋਫੈਸਰ ਅਤੇ ਤਕਨੀਕੀ ਮਾਹਿਰ ਸ਼ਾਮਲ ਹਨ, ਜੋ AI ਨਾਲ ਜੁੜੀਆਂ ਚੁਣੌਤੀਆਂ ਦਾ ਅਧਿਐਨ ਕਰਨਗੇ। ਕਮੇਟੀ ਦਾ ਮੁੱਖ ਮਕਸਦ ਅਜਿਹੇ ਡਿਜੀਟਲ ਕੰਟੈਂਟ ’ਤੇ ਰੋਕ ਲਗਾਉਣਾ ਹੈ ਜੋ ਸਿੱਖ ਧਰਮ, ਗੁਰੂ ਪਰੰਪਰਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।
ਸ਼੍ਰੋਮਣੀ ਕਮੇਟੀ ਦਾ ਮੰਨਣਾ ਹੈ ਕਿ AI ਇੱਕ ਸ਼ਕਤੀਸ਼ਾਲੀ ਤਕਨੀਕ ਹੈ, ਪਰ ਇਸ ਦੀ ਗ਼ਲਤ ਵਰਤੋਂ ਧਾਰਮਿਕ ਮਾਨਤਾਵਾਂ ਲਈ ਖ਼ਤਰਾ ਬਣ ਸਕਦੀ ਹੈ। ਇਹ ਕਮੇਟੀ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਠੋਸ ਦਿਸ਼ਾ-ਨਿਰਦੇਸ਼ ਤਿਆਰ ਕਰੇਗੀ। SGPC ਅਨੁਸਾਰ ਇਹ ਕਦਮ ਸਿੱਖ ਸਮਾਜ ਦੀ ਮਰਿਆਦਾ ਅਤੇ ਪੰਥਕ ਮੁੱਲਾਂ ਦੀ ਰਾਖੀ ਲਈ ਬਹੁਤ ਜ਼ਰੂਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਡਿਜੀਟਲ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

