Punjab

ਵਿਧਾਨ ਸਭਾ ‘ਚ ਲਗਾਏ ਜਾਣਗੇ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ

ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ‘ਚ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਏ ਜਾਣਗੇ। ਇਸ ਬਾਰੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵ ‘ਤੇ ਸਦਨ ਨੇ ਸਿਫਾਰਸ਼ ਕੀਤੀ ਹੈ।

ਪਹਿਲਾਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਲਾਉਣ ਦੀ ਯੋਜਨਾ ਸੀ। ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਰਣਜੀਤ ਸਿੰਘ ਦਾ ਵੀ ਬੁੱਤ ਲਾਉਣ ਦੀ ਮੰਗ ਕੀਤੀ ਤਾਂ ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਸ਼ਹੀਦ ਭਗਤ ਸਿੰਘ, ਡਾ. ਭੀਮ ਰਾਓ ਅੰਬੇਡਕਰ ਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਆਗੂਆਂ ਦਾ ਜੀਵਨ ਸਾਰੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸੇ ਤਰ੍ਹਾਂ ਖਾਲਸਾ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਉਸਾਰਿਆ ਜਾਵੇਗਾ।ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਇਹ ਛੁੱਟੀ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਟ ਕਰਨ ਲਈ ਕੀਤੀ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ ਤੇ ਉਸ ਦਿਨ ਸਾਰੇ ਸਕੂਲਾਂ ਤੇ ਕਾਲਜਾਂ ਵਿੱਚ ਸ਼ਹੀਦ ਭਗਤ ਸਿੰਘ ’ਤੇ ਕੋਰੀਓਗ੍ਰਾਫੀ ਨਾਟਕ ਕਰਵਾਏ ਜਾਣਗੇ।