‘ਦ ਖ਼ਾਲਸ ਬਿਊਰੋ :- ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ‘ਦ ਖ਼ਾਲਸ ਟੀਵੀ ਆਜ਼ਾਦੀ ਸੰਗਰਾਮ ਦੇ ਇਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰਦਾ ਹੈ। ਸ਼ਹੀਦ ਭਗਤ ਸਿੰਘ ਨੇ ਆਪਣੀ ਲਿਖਤ ਵਿੱਚ ਹਰੀਜਨ ਭਾਈਚਾਰੇ ਦੇ ਨਾਂ ਸੰਦੇਸ਼ ਦਿੱਤਾ ਹੈ, ਉਹ ਤੁਸੀਂ ਇੱਥੇ ਇੰਨ-ਬਿੰਨ ਪੜ੍ਹ ਸਕਦੇ ਹੋ। ਇਹ ਸੰਦੇਸ਼ ਜੂਨ 1928 ਵਿੱਚ ਭਗਤ ਸਿੰਘ ਵੱਲੋਂ ਲਿਖੇ ਗਏ ਲੇਖ ‘ਅਛੂਤ ਦਾ ਸਵਾਲ’ ਵਿੱਚੋਂ ਲਿਆ ਗਿਆ ਹੈ।
“ਇਸੇ ਕਰਕੇ ਅਸੀਂ ਕਹਿੰਦੇ ਹਾਂ ਕਿ ਉਨ੍ਹਾਂ (ਹਰੀਜਨਾਂ) ਦੇ ਆਪਣੇ ਨੁਮਾਇੰਦੇ ਕਿਉਂ ਨਾ ਹੋਣ? ਉਹ ਆਪਣੀ ਵੱਖਰੀ ਤਾਦਾਦ ਕਿਉਂ ਨਾ ਮੰਗਣ? ਅਸੀਂ ਤਾਂ ਸਾਫ਼ ਕਹਿੰਦੇ ਹਾਂ ਕਿ ਉੱਠੋ! ਅਛੂਤ ਕਹਾਉਣ ਵਾਲੇ ਅਸਲੀ ਸੇਵਕੋ ਤੇ ਵੀਰੋ ਉੱਠੋ! ਆਪਣਾ ਇਤਿਹਾਸ ਦੇਖੋ! ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਫੌਜ ਦੀ ਅਸਲੀ ਤਾਕਤ ਤੁਹਾਡੀ ਸੀ। ਸ਼ਿਵਾ ਜੀ ਤੁਹਾਡੇ ਆਸਰੇ ਹੀ ਇਹ ਸਭ ਕੁੱਝ ਕਰ ਸਕਿਆ, ਜਿਸ ਨਾਲ ਅੱਜ ਉਸ ਦਾ ਨਾਂ ਜ਼ਿੰਦਾ ਹੈ। ਤੁਹਾਡੀਆਂ ਕੁਰਬਾਨੀਆਂ ਸੋਨੇ ਦੇ ਅੱਖਰਾਂ ਵਿੱਚ ਲਿਖੀਆਂ ਹੋਈਆਂ ਹਨ। ਅਸੀਂ ਜੋ ਨਿੱਤ ਸੇਵਾ ਕਰਕੇ ਕੌਮ ਦੇ ਸੁੱਖ ਵਿੱਚ ਵਾਧਾ ਕਰਕੇ ਅਤੇ ਜ਼ਿੰਦਗੀ ਮੁਮਕਨ ਬਣਾ ਕੇ ਇੱਕ ਬੜਾ ਭਾਰੀ ਅਹਿਸਾਨ ਕਰ ਰਹੇ ਹਾਂ, ਉਸ ਨੂੰ ਅਸੀਂ ਲੋਕੀਂ ਨਹੀਂ ਸਮਝਦੇ (Land Alienation Act) ਇੰਤਕਾਲੇ ਅਰਾਜ਼ੀ ਐਕਟ ਦੇ ਮੁਤਾਬਕ ਤੁਸੀਂ ਪੈਸੇ ਇਕੱਠੇ ਕਰਕੇ ਵੀ ਜ਼ਮੀਨ ਨਹੀਂ ਖ਼ਰੀਦ ਸਕਦੇ। ਤੁਹਾਡੇ ’ਤੇ ਇੰਨਾ ਜ਼ੁਲਮ ਹੋ ਰਿਹਾ ਹੈ ਕਿ ਅਮਰੀਕਾ ਦੀ ਮਿਸ ਮੇਯੋ (Less than men) ਮਨੁੱਖਾਂ ਨਾਲ ਬਹੁਤ ਹੇਠਾਂ ਕਹਿੰਦੀ ਹੈ। ਉੱਠੋ! ਆਪਣੀ ਤਾਕਤ ਪਛਾਣੋ। ਜਥੇਬੰਦ ਹੋ ਜਾਓ। ਅਸਲ ਵਿੱਚ ਤੁਹਾਡੇ ਆਪਣੇ ਯਤਨ ਕੀਤਿਆਂ ਬਿਨਾਂ ਤੁਹਾਨੂੰ ਕੁੱਝ ਵੀ ਨਹੀਂ ਮਿਲ ਸਕੇਗਾ। (Those who would be free must themselves strike the blow) ਆਜ਼ਾਦੀ ਦੀ ਖ਼ਾਤਰ ਆਜ਼ਾਦੀ ਚਾਹੁਣ ਵਾਲਿਆਂ ਨੂੰ ਯਤਨ ਕਰਨਾ ਚਾਹੀਦਾ ਹੈ।
ਮਨੁੱਖ ਦੀ ਹੌਲੀ-ਹੌਲੀ ਕੁੱਝ ਇਹੋ ਜਿਹੀ ਆਦਤ ਹੋ ਗਈ ਹੈ ਕਿ ਆਪਣੇ ਵਾਸਤੇ ਤੇ ਉਹ ਹੱਕ ਮੰਗਣਾ ਚਾਹੁੰਦਾ ਹੈ ਪਰ ਜਿਨ੍ਹਾਂ ’ਤੇ ਉਸ ਦਾ ਆਪਣਾ ਦਬਦਬਾ ਹੋਵੇ, ਉਨ੍ਹਾਂ ਨੂੰ ਉਹ ਪੈਰਾਂ ਥੱਲੇ ਹੀ ਰੱਖਣਾ ਚਾਹੁੰਦਾ ਹੈ। ਇਸ ਕਰਕੇ ਲੱਤਾਂ ਦੇ ਭੂਤ ਗੱਲਾਂ ਨਾਲ ਨਹੀਂ ਮੰਨਿਆ ਕਰਦੇ। ਜਥੇਬੰਦ ਹੋ ਕੇ ਆਪਣੇ ਪੈਰਾਂ ’ਤੇ ਖਲੋ ਕੇ ਸਾਰੇ ਸਮਾਜ ਨੂੰ ਚੈਲੰਜ ਕਰ ਦਿਓ। ਦੇਖੋ ਤਾਂ ਫੇਰ ਕੌਣ ਤੁਹਾਡੇ ਹੱਕ ਦੇਣ ਤੋਂ ਇਨਕਾਰ ਕਰਨ ਦੀ ਜੁਰਅਤ ਕਰ ਸਕੇਗਾ। ਤੁਸੀਂ ਲੋਕਾਂ ਦੀ ਖੁ਼ਰਾਕ ਨਾ ਬਣੋ। ਦੂਜਿਆਂ ਦੇ ਮੂੰਹ ਵੱਲ ਨਾ ਤੱਕੋ। ਪਰ ਖ਼ਿਆਲ ਰੱਖਣਾ। ਨੌਕਰਸ਼ਾਹੀ ਦੇ ਝਾਂਸੇ ਵਿੱਚ ਵੀ ਨਾ ਆਉਣਾ। ਇਹ ਤੁਹਾਡੀ ਮਦਦ ਨਹੀਂ ਕਰਨਾ ਚਾਹੁੰਦੀ ਬਲਕਿ ਤੁਹਾਨੂੰ ਆਪਣਾ ਟੂਲ ਬਣਾਉਣਾ ਚਾਹੁੰਦੀ ਹੈ। ਇਹ ਸਰਮਾਏਦਾਰੀ ਨੌਕਰਸ਼ਾਹੀ ਤੁਹਾਡੀ ਗ਼ੁਲਾਮੀ ਤੇ ਗਰੀਬੀ ਦਾ ਮੁੱਖ ਕਾਰਨ ਹੈ। ਇਸ ਕਰਕੇ ਉਸ ਨਾਲ ਤੁਸੀਂ ਨਾ ਮਿਲਣਾ। ਉਸ ਦੀਆਂ ਚਾਲਾਂ ਕੋਲੋਂ ਬਚਣਾ। ਬਸ ਫੇਰ ਸਾਰਾ ਕੰਮ ਬਣ ਜਾਵੇਗਾ।
ਤੁਸੀਂ ਅਸਲੀ ਕਿਰਤੀ ਹੋ! ਕਿਰਤੀਓ ਜਥੇਬੰਦ ਹੋ ਜਾਓ! ਤੁਹਾਡਾ ਕੁੱਝ ਨੁਕਸਾਨ ਨਹੀਂ ਹੋਵੇਗਾ। ਕੇਵਲ ਗ਼ੁਲਾਮੀ ਦੀਆਂ ਜ਼ੰਜੀਰਾਂ ਕੱਟੀਆਂ ਜਾਣਗੀਆਂ। ਉੱਠੋ, ਮੌਜੂਦਾ ਨਿਜ਼ਾਮ ਦੇ ਵਿਰੁੱਧ ਬਗ਼ਾਵਤ ਖੜ੍ਹੀ ਕਰ ਦਿਓ। ਹੌਲੀ-ਹੌਲੀ ਕੀਤੇ ਜਾਂਦੇ ਸੁਧਾਰ ਤੇ ਰੀਫਾਰਮਾਂ ਨਾਲ ਕੁੱਝ ਨਹੀਂ ਬਣ ਸਕਦਾ। ਸਮਾਜਿਕ (Social) ਐਜੀਟੇਸ਼ਨ ਇਨਕਲਾਬ ਪੈਦਾ ਕਰ ਦਿਓ ਅਤੇ ਪੋਲੀਟੀਕਲ ਤੇ ਆਰਥਿਕ ਇਨਕਲਾਬ ਵਾਸਤੇ ਕਮਰ ਕੱਸੇ ਕਰ ਲਓ। ਤੁਸੀਂ ਹੀ ਮੁਲਕ ਦੀ ਜੜ੍ਹ ਹੋ, ਅਸਲੀ ਤਾਕਤ ਹੋ, ਉੱਠੋ! ਸੁੱਤੇ ਹੋਏ ਸ਼ੇਰੋ, ਵਿਦਰੋਹੀਓ ਵਿਪੱਲਵ ਜਾਂ ਵਿਦਰੋਹ ਖੜ੍ਹਾ ਕਰ ਦਿਓ”।