ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ (ਜੰਮੂ-ਕਸ਼ਮੀਰ) ਤੋਂ ਸ਼ੁਰੂ ਹੋ ਗਿਆ ਹੈ। ਇਸ ਮਹਾਨ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਵੱਡੀ ਗਿਣਤੀ ਸਿੱਖ ਸੰਗਤ ਨੇ ਸ਼ਿਰਕਤ ਕੀਤੀ। ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ ਅਤੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇਸ ਦਾ ਸ਼ਾਨਦਾਰ ਸਵਾਗਤ ਹੋਵੇਗਾ। ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਖ਼ੁਦ ਮੌਜੂਦ ਰਹਿਣਗੇ।
ਇਸੇ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ, ਸ੍ਰੀਨਗਰ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਸ਼ੇਸ਼ ਕੀਰਤਨ ਦਰਬਾਰ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਮੂਲੀਅਤ ਕੀਤੀ। ਦੋਹਾਂ ਨੇਤਾਵਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਮਹਾਨ ਸੰਦੇਸ਼ ਨੂੰ ਯਾਦ ਕੀਤਾ।
ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਨਿਰਪੱਖਤਾ, ਸਹਿਣਸ਼ੀਲਤਾ, ਸ਼ਾਂਤੀਪੂਰਨ ਸਹਿ-ਹੋਂਦ ਅਤੇ ਧਾਰਮਿਕ ਆਜ਼ਾਦੀ ਦਾ ਵਿਸ਼ਵਵਿਆਪੀ ਸੰਦੇਸ਼ ਦਿੱਤਾ। ਉਨ੍ਹਾਂ ਨੇ ਗੁਰੂ ਸਾਹਿਬ ਨੂੰ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਜਾਨ ਕੁਰਬਾਨ ਕਰਨ ਵਾਲਾ ਵਿਸ਼ਵ ਦਾ ਪਹਿਲਾਂ ਸ਼ਹੀਦ ਦੱਸਿਆ। ਕੇਜਰੀਵਾਲ ਨੇ ਯਾਦ ਕਰਵਾਇਆ ਕਿ ਜਦੋਂ ਮੁਗ਼ਲ ਹਾਕਮ ਔਰੰਗਜ਼ੇਬ ਵੱਲੋਂ ਕਸ਼ਮੀਰੀ ਪੰਡਿਤਾਂ ਨੂੰ ਜਬਰੀ ਧਰਮ ਪਰਿਵਰਤਨ ਦੀ ਧਮਕੀ ਦਿੱਤੀ ਗਈ ਤਾਂ ਉਹ ਗੁਰੂ ਜੀ ਕੋਲ ਮਦਦ ਮੰਗਣ ਆਏ। ਗੁਰੂ ਸਾਹਿਬ ਨੇ ਸਾਰੀਆਂ ਪੇਸ਼ਕਸ਼ਾਂ ਠੁਕਰਾ ਕੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਾ ਰਾਹ ਚੁਣਿਆ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿੱਚ ਸਿਰ ਦਿੱਤਾ।
ਕੇਜਰੀਵਾਲ ਨੇ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਹੈ ਕਿਉਂਕਿ ਉਹ ਆਪਣੇ ਧਰਮ ਲਈ ਨਹੀਂ ਸਗੋਂ ਦੂਜੇ ਧਰਮ ਦੀ ਰੱਖਿਆ ਲਈ ਸ਼ਹੀਦ ਹੋਏ। ਉਨ੍ਹਾਂ ਨੇ ਇਸ ਨੂੰ ਮਨੁੱਖੀ ਕਦਰਾਂ-ਕੀਮਤਾਂ ਦੀ ਸਭ ਤੋਂ ਉੱਚੀ ਮਿਸਾਲ ਕਰਾਰ ਦਿੱਤਾ ਅਤੇ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਕਿ ਉਸ ਨੇ ਇਸ ਮਹਾਨ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣੇ ਸੰਬੋਧਨ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਭਾਰਤੀ ਇਤਿਹਾਸ ਦਾ ਨਵਾਂ ਮੋੜ ਦੇਣ ਵਾਲੀ ਘਟਨਾ ਦੱਸਿਆ। ਉਨ੍ਹਾਂ ਨੇ ਖ਼ਾਸ ਤੌਰ ’ਤੇ ਕਸ਼ਮੀਰੀ ਪੰਡਿਤਾਂ ਦੇ ਉਸ ਸਮੇਂ ਦੇ ਨੇਤਾ ਪੰਡਿਤ ਕਿਰਪਾ ਰਾਮ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਅਗਵਾਈ ਵਿੱਚ ਪੰਡਿਤਾਂ ਨੇ ਸ੍ਰੀਨਗਰ ਤੋਂ 65 ਕਿਲੋਮੀਟਰ ਦੂਰ ਮੱਟਨ ਤੋਂ ਚੱਲ ਕੇ ਗੁਰੂ ਜੀ ਕੋਲ ਗੁਹਾਰ ਲਾਈ ਸੀ।ਮਾਨ ਨੇ ਖੁਸ਼ੀ ਜ਼ਾਹਰ ਕੀਤੀ ਕਿ ਇਸ ਵਾਰ ਕਸ਼ਮੀਰੀ ਪੰਡਿਤ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋ ਰਹੇ ਹਨ, ਜੋ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਸੁੰਦਰ ਪ੍ਰਤੀਕ ਹੈ।
ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੀਆਂ ਕੁਰਬਾਨੀਆਂ ਨਿੱਜੀ ਹਿੱਤ ਲਈ ਨਹੀਂ, ਸਗੋਂ ਪੂਰੀ ਮਾਨਵਤਾ ਦੀ ਭਲਾਈ, ਸੱਚਾਈ ਅਤੇ ਨਿਆਂ ਲਈ ਸਨ।ਮੁੱਖ ਮੰਤਰੀ ਨੇ ਸਿੱਖ ਇਤਿਹਾਸ ਦੀ ਲੜੀ ਨੂੰ ਯਾਦ ਕਰਦਿਆਂ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699 ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਾਜਨਾ ਹੋਈ। ਉਨ੍ਹਾਂ ਨੇ ਗੁਰੂ ਅਰਜਨ ਦੇਵ ਜੀ, ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਪੰਜਾਬੀਆਂ ਦੇ ਖ਼ੂਨ ਵਿੱਚ ਵਸਦੀ ਬਹਾਦਰੀ ਅਤੇ ਜ਼ੁਲਮ ਵਿਰੋਧ ਦੀ ਗੁੜਤੀ ਦੱਸਿਆ।
ਭਗਵੰਤ ਮਾਨ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੀ ਵਿਰਾਸਤ ਭੁੱਲ ਜਾਂਦੀਆਂ ਹਨ, ਉਹ ਇਤਿਹਾਸ ਤੋਂ ਮਿਟ ਜਾਂਦੀਆਂ ਹਨ, ਪਰ ਜਿਹੜੀਆਂ ਸ਼ਹੀਦਾਂ ਦੇ ਮਾਰਗ ’ਤੇ ਚੱਲਦੀਆਂ ਹਨ, ਉਹ ਹਨੇਰੇ ਵਿੱਚ ਵੀ ਰੌਸ਼ਨੀ ਲੱਭ ਲੈਂਦੀਆਂ ਹਨ। ਉਨ੍ਹਾਂ ਨੇ ਸਰਕਾਰ ਵੱਲੋਂ ਸੂਬੇ ਅੰਦਰ ਅਤੇ ਬਾਹਰ ਲੜੀਵਾਰ ਸਮਾਗਮਾਂ ਕਰਨ ਦੀ ਗੱਲ ਕਹੀ ਅਤੇ ਵਚਨ ਦਿੱਤਾ ਕਿ ਗੁਰੂ ਜੀ ਦੇ ਫ਼ਲਸਫ਼ੇ ਨੂੰ ਸਦੀਵੀਂ ਜਿਉਂਦਾ ਰੱਖਿਆ ਜਾਵੇਗਾ।

