ਅੰਬਾਲਾ – ਵੀਰਵਾਰ ਨੂੰ ਪੰਜਾਬ (Punjab) ਹਰਿਆਣਾ( Haryana) ਦੀ ਸ਼ੰਭੂ ਸਰਹੱਦ (Shambhu Border) ‘ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਕਿਸਾਨਾਂ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਸਰਹੱਦ ’ਤੇ ਤਾਇਨਾਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਨਹੀਂ ਪਾਇਆ। ਕਿਸਾਨਾਂ ਨੇ ਖੁਦ ਪਾਣੀ ਦੀਆਂ ਬਾਲਟੀਆਂ ਨਾਲ ਅੱਗ ‘ਤੇ ਕਾਬੂ ਪਾਇਆ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਕਿਸੇ ਅਧਿਕਾਰੀ ਨੇ ਕੋਈ ਨੋਟਿਸ ਨਹੀਂ ਲਿਆ। ਕਿਸਾਨ-ਮਜ਼ਦੂਰ ਮੋਰਚਾ ਦੇ ਮੈਂਬਰ ਅਤੇ ਬੀਕੇਯੂ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋਹੜੀ ਨੇ ਕਿਹਾ ਕਿ ਬਿਜਲੀ ਦੇ ਪ੍ਰਬੰਧ ਨਾ ਹੋਣ ਕਾਰਨ ਸ਼ਾਰਟ ਸਰਕਟ ਹੋਇਆ ਹੈ, ਇਹ ਸਰਕਾਰ ਦੀ ਨਾਕਾਮੀ ਹੈ। ਕਿਸਾਨ ਪਿਛਲੇ ਇੱਕ ਮਹੀਨੇ ਤੋਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਬਿਜਲੀ ਦੇ ਪੁਖਤਾ ਪ੍ਰਬੰਧਾਂ ਬਾਰੇ ਜਾਣੂ ਕਰਵਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਮੋਹੜੀ ਨੇ ਕਿਹਾ ਕਿ ਇੱਥੇ ਲਾਈਟਾਂ ਅਤੇ ਟਰਾਂਸਫਾਰਮਰਾਂ ਦੀ ਘਾਟ ਹੈ। ਸਰਕਾਰ ਸਾਡੀ ਗੱਲ ਸੁਣ ਨਹੀਂ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਬੇਨਤੀ ਕੀਤੀ।
ਟਰੈਕਟਰ-ਟਰਾਲੀ ਸਮੇਤ ਸੜੇ 4 ਟੈਂਟ
ਵੀਰਵਾਰ ਨੂੰ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਕਿਸਾਨਾਂ ਦੇ ਟੈਂਟਾਂ ਨੂੰ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜਥੇਬੰਦੀ ਦੀ ਟਰੈਕਟਰ-ਟਰਾਲੀ ਸੜੀ ਹੈ।
ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ ਤਾਂ 17 ਨੂੰ ਰੇਲਾਂ ਰੋਕੀਆਂ ਜਾਣਗੀਆਂ
ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਡਟੇ ਹੋਏ ਹਨ। 13 ਫਰਵਰੀ ਨੂੰ ਸ਼ੁਰੂ ਹੋਏ ਕਿਸਾਨ ਅੰਦੋਲਨ-2 ਨੂੰ 59 ਦਿਨ ਬੀਤ ਚੁੱਕੇ ਹਨ। 13, 14 ਅਤੇ 21 ਫਰਵਰੀ ਨੂੰ ਦਿੱਲੀ ਮਾਰਚ ਦੌਰਾਨ ਝੜਪਾਂ ਹੋਈਆਂ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮਾਂ ਸਮੇਤ ਸੈਂਕੜੇ ਕਿਸਾਨ ਜ਼ਖ਼ਮੀ ਹੋ ਗਏ। ਚਾਰ ਵਾਰ ਦੀ ਹੋਈ ਗੱਲਬਾਤ ਵਿੱਚ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇਹੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਨਾ ਕਰਨ ’ਤੇ 17 ਅਪਰੈਲ ਨੂੰ ਸ਼ੰਭੂ ਸਰਹੱਦ ’ਤੇ ਰੇਲ ਗੱਡੀ ਰੋਕਣ ਦਾ ਐਲਾਨ ਕੀਤਾ ਹੈ।