ਚੰਡੀਗੜ੍ਹ : ਪੰਜਾਬ ਦਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਪ੍ਰੈਸ ਕੈਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਕੇਸ ਲੜਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਵਧ ਅਤੇ ਯਤਨਸ਼ੀਲ ਹੈ।
ਉਨ੍ਹਾਂ ਨੇ ਸੂਬਾ ਸਰਕਾਰ ਦੇ ਰਵੱਈਏ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਅਕਾਲ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਮੁਲਾਕਾਤ ਕਰਨ ਤੋਂ ਰੋਕਣਾ ਪੰਜਾਬ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ 1 ਦਸੰਬਰ ਨੂੰ ADGP ਵੱਲੋਂ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ 4 ਦਸੰਬਰ ਨੂੰ ਮੁੱਖ ਮੰਤਰੀ ਦੇ ਹੁਕਮਾਂ ‘ਤੇ ਪਟਿਆਲਾ ਜੇਲ੍ਹ ਬਾਹਰ ਅਕਾਲੀ ਦਲ ਦੇ ਵਫ਼ਦ ਨੂੰ ਰੋਕਿਆ ਗਿਆ ਸੀ।
ਕਲੇਰ ਨੇ ਅਕਾਲੀ ਦਲ ਦੇ ਵਫ਼ਦ ਨੂੰ ਰੋਕਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਵਫਦ ਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਸਦਾ ਅਗਵਾਈ ਬਿਕਰਮ ਮਜੀਠੀਆ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਲਗਾਤਾਰ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈ ਕੇ ਸਵਾਲ ਕਰਦੇ ਰਹਿੰਦੇ ਹਨ। ਉਨਾਂ ਨੇ ਕਿਹਾ ਕਿ ਜੇਕਰ ਭੁੱਖ ਹੜਤਾਲ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਹਾਲਤ ਵਿਗੜਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
ਮਾਨ ਸਰਕਾਰ ਨੂੰ ਕਾਨੂੰਨ ਵਿਵਸਥਾ ‘ਤੇ ਘੇਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ, ਦਿਨ ਦਿਹਾੜੇ ਚੋਰੀਆਂ, ਲੁੱਟਾ ਅਤੇ ਕਤਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਕਲੇਰ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿੱਚ ਗੈਂਗਸਟਰ ਲਗਾਤਾਰ ਫਿਰੋਤੀਆਂ ਮੰਗ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਜ ਰਾਜਾਂ ਵਿੱਚ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਦੀ ਜਵਾਬਦੇਹੀ ਭਗਵੰਤ ਮਾਨ ਨੂੰ ਕਰਨੀ ਚਾਹੀਦੀ ਹੈ।