The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ, 131ਵੇਂ ਸੰਵਿਧਾਨਿਕ ਸੋਧ ਬਿੱਲ ਦੇ ਵਿਰੋਧ ’ਚ ਬੁਲਾਈ ਮੀਟਿੰਗ
Punjab

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ, 131ਵੇਂ ਸੰਵਿਧਾਨਿਕ ਸੋਧ ਬਿੱਲ ਦੇ ਵਿਰੋਧ ’ਚ ਬੁਲਾਈ ਮੀਟਿੰਗ

ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਅਧੀਨ ਲਿਆਉਣ ਲਈ ਸੰਵਿਧਾਨ (131ਵਾਂ ਸੋਧ) ਬਿੱਲ, 2025 ਪੇਸ਼ ਕਰਨ ਦਾ ਐਲਾਨ ਕੀਤਾ ਹੈ। ਇਹ ਧਾਰਾ ਰਾਸ਼ਟਰਪਤੀ ਨੂੰ ਕੇਂਦਰ ਸ਼ਾਸਿਤ ਪ੍ਰਦੇਸਾਂ ਲਈ ਸਿੱਧੇ ਨਿਯਮ ਤੇ ਕਾਨੂੰਨ ਬਣਾਉਣ ਦਾ ਪੂਰਨ ਅਧਿਕਾਰ ਦਿੰਦੀ ਹੈ। ਲੋਕ ਸਭਾ ਤੇ ਰਾਜ ਸਭਾ ਦੇ 21 ਨਵੰਬਰ ਦੇ ਬੁਲੇਟਿਨ ਅਨੁਸਾਰ ਇਹ ਬਿੱਲ 1 ਦਸੰਬਰ 2025 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਨੇ ਇਸ ਕਦਮ ਨੂੰ ਪੰਜਾਬ ਵਿਰੋਧੀ ਸਾਜ਼ਿਸ਼ ਕਰਾਰ ਦਿੱਤਾ ਹੈ। ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਦੇਸ਼ ਭਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਉਸ ਸਮੇਂ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਪੰਜਾਬ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਵਰਗੀ ਹੈ। ਉਨ੍ਹਾਂ ਕਿਹਾ ਕਿ ਇਸ ਖ਼ਬਰ ਨੇ ਪੂਰੇ ਪੰਜਾਬ ਨੂੰ ਹਿਲਾ ਦਿੱਤਾ ਹੈ।

ਇਸ ਦੇ ਵਿਰੋਧ ਵਿੱਚ ਅਕਾਲੀ ਦਲ ਨੇ 24 ਨਵੰਬਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿੱਚ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਸੀਨੀਅਰ ਸੰਵਿਧਾਨਕ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਇਸ ਪੰਜਾਬ ਵਿਰੋਧੀ ਬਿੱਲ ਵਿਰੁੱਧ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Exit mobile version