Khetibadi Punjab

ਬਠਿੰਡਾ ’ਚ ਕਿਸਾਨਾਂ ’ਤੇ ਲਾਠੀਚਾਰਜ ਤੇ ਅੱਥਰੂ ਗੈਸ! ਅਕਾਲੀ ਦਲ ਵੱਲੋਂ ਗ੍ਰਿਫ਼ਤਾਰ ਕਿਸਾਨਾਂ ਦੀ ਤੁਰੰਤ ਰਿਹਾਈ ਤੇ ਢੁੱਕਵੇਂ ਮੁਆਵਜ਼ੇ ਦੀ ਅਪੀਲ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਨਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਲਈ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਕਿਸਾਨਾਂ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਜਾਰੀ ਕਰਦਿਆਂ ਲਿਖਿਆ ਕਿ ਸੂਬਾ ਸਰਕਾਰ ਦੀ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ-ਕਾਨੂੰਨੀ, ਗੈਰ-ਜਮਹੂਰੀ ਅਤੇ ਗੈਰ-ਵਾਜਬ ਹੈ। ਕਿਸਾਨ ਆਪਣੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਮੰਗਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ।

ਅਕਾਲੀ ਦਲ ਨੇ ਕਿਹਾ ਹੈ ਕਿ ਸਰਕਾਰ ਨੂੰ ਅਜਿਹੀ ਭਾਰੀ ਤਾਕਤ ਵਰਤਣ ਦੀ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਨਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ। ਸਰਕਾਰ ਨੇ ਸਾਰੀਆਂ ਬਕਾਇਆ ਰਕਮਾਂ ਨੂੰ ਕਲੀਅਰ ਕਰਨ ਦੀ ਬਜਾਏ ਕਿਸਾਨਾਂ ਨੂੰ ਸਬਕ ਸਿਖਾਉਣ ਦਾ ਰਾਹ ਚੁਣਿਆ। ਇਸ ਤੋਂ ਸਰਕਾਰ ਦੀ ਨਿਅਤ ਦਾ ਪਤਾ ਲੱਗਦਾ ਹੈ।

ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਾਰੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਇਸ ਵਹਿਸ਼ੀਆਨਾ ਲਾਠੀਚਾਰਜ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਵੀ ਜਾਂਚ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ।

ਸਬੰਧਿਤ ਖ਼ਬਰ – ਬਠਿੰਡਾ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ! ‘ਭਾਰਤ ਮਾਲਾ ਪ੍ਰਾਜੈਕਟ’ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਤਣਾਅਪੂਰਨ