The Khalas Tv Blog Punjab ਸ਼੍ਰੋਮਣੀ ਕਮੇਟੀ ਨੇ ਸਾਬਕਾ ਜਥੇਦਾਰ ਨੂੰ ਪਾਈ ਝਾੜ
Punjab

ਸ਼੍ਰੋਮਣੀ ਕਮੇਟੀ ਨੇ ਸਾਬਕਾ ਜਥੇਦਾਰ ਨੂੰ ਪਾਈ ਝਾੜ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸਿੱਖ ਸੰਸਥਾ ਦੇ ਪ੍ਰਬੰਧਾਂ ਨੂੰ ਜਾਣ-ਬੁੱਝ ਕੇ ਬਦਨਾਮ ਕਰਨ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਆਪਣੇ ਦਾਇਰੇ ਵਿੱਚ ਰਹਿਣ ਲਈ ਕਿਹਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਜਾਣ-ਬੁੱਝ ਕੇ ਗੁਰੂ ਘਰਾਂ ਦੇ ਮਾਮਲਿਆਂ ਨੂੰ ਗਲਤ ਰੰਗਤ ਦੇ ਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ, ਜੋ ਉਨ੍ਹਾਂ ਦੇ ਰੁਤਬੇ ਮੁਤਾਬਕ ਸ਼ੋਭਾ ਨਹੀਂ ਦਿੰਦਾ।

ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਇਆਲੀ ਕਲਾਂ ਦੀ 32 ਏਕੜ ਜ਼ਮੀਨ ਬਾਰੇ ਸਾਬਕਾ ਜਥੇਦਾਰ ਦਾ ਬਿਆਨ ਤੱਥਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਆਪਣੀ ਆਦਤ ਮੁਤਾਬਕ ਸਿਰਫ ਸੁਰਖੀਆਂ ਬਟੋਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਇਸ ਜ਼ਮੀਨ ਨੂੰ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਇਸਦੀ ਚਾਰਦੀਵਾਰੀ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਿਤ ਇਸ ਇਤਿਹਾਸਕ ਅਸਥਾਨ ਦੀ ਜ਼ਮੀਨ ਨੂੰ ਗਮਾਡਾ ਹਾਸਿਲ ਕਰਨਾ ਚਾਹੁੰਦਾ ਹੈ ਪਰ ਸ਼੍ਰੋਮਣੀ ਕਮੇਟੀ ਅਜਿਹਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਜਾ ਚੁੱਕਾ ਹੈ ਅਤੇ ਇਸਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਚਾਰਦੀਵਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਕਿਸੇ ਵੀ ਹਾਲਤ ਵਿੱਚ ਪੰਥ ਦੀ ਅਮਾਨਤ ਇਹ ਜ਼ਮੀਨ ਗਮਾਡਾ ਨੂੰ ਨਹੀਂ ਦੇਵੇਗੀ।

ਉਨ੍ਹਾਂ ਦੱਸਿਆ ਕਿ 2 ਜੁਲਾਈ ਤੋਂ ਚਾਰਦੀਵਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਕਾਫੀ ਹੱਦ ਤੱਕ ਚਾਰਦੀਵਾਰੀ ਕੀਤੀ ਜਾ ਚੁੱਕੀ ਹੈ। ਆਹਲੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਬੀਬੀ ਜਗੀਰ ਕੌਰ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਉਹ ਖੁਦ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਸੁਰੱਖਿਅਤ ਕਰਨ ਲਈ ਕਾਰਜ ਕੀਤਾ ਜਾ ਰਿਹਾ ਹੈ, ਪਰ ਦੁੱਖ ਦੀ ਗੱਲ ਹੈ ਕਿ ਭਾਈ ਰਣਜੀਤ ਸਿੰਘ ਕੇਵਲ ਇੱਕ ਦਿਨ ਦੀਆਂ ਖਬਰਾਂ ਬਣਾਉਣ ਲਈ ਆ ਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਸਾਬਕਾ ਜਥੇਦਾਰ ਨੂੰ ਝੂਠ ਦੇ ਸਹਾਰੇ ਨਾਲ ਆਪਣੀ ਪਬਲੀਸਿਟੀ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਰੁਤਬੇ ਦਾ ਖਿਆਲ ਰੱਖਣਾ ਚਾਹੀਦਾ ਹੈ।

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਬਿਆਨ

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਿਵੇਂ ਹੋਰ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਜਾਂ ਤਾਂ ਹੜਪ ਕਰ ਲਈਆਂ ਹਨ ਅਤੇ ਜਾਂ ਫਿਰ ਕਿਸੇ ਨਾ ਕਿਸੇ ਤਰੀਕੇ ਇਨ੍ਹਾਂ ਜ਼ਮੀਨਾਂ ਤੋਂ ਲਾਹਾ ਪ੍ਰਾਪਤ ਕਰਨ ਵਾਸਤੇ ਤਬਾਦਲੇ ਕੀਤੇ ਅਤੇ ਕਰਵਾਏ ਹਨ। ਇਵੇਂ ਹੀ ਇਸ ਗੁਰਦੁਆਰਾ ਸਾਹਿਬ ਦੀ ਬੇਸ਼ਕੀਮਤੀ ਜ਼ਮੀਨ ਨੂੰ ਵੀ ਖੁਰਦ-ਬੁਰਦ ਕਰਨ ਦੀਆਂ ਅੰਦਰਖਾਤੇ ਵਿਉਂਤਾਂ ਗੁੰਦੀਆਂ ਜਾ ਰਹੀਆਂ ਹਨ, ਜਿਸਨੂੰ ਬਚਾਉਣ ਲਈ ਸੰਗਤ ਨੂੰ ਪਹਿਰਾ ਦੇਣ ਦੀ ਲੋੜ ਹੈ। ਇਸ ਜ਼ਮੀਨ ਦੇ ਆਲੇ-ਦੁਆਲੇ ਚਾਰਦੀਵਾਰੀ ਲੋਕ ਦਿਖਾਵੇ ਲਈ ਕੀਤੀ ਜਾ ਰਹੀ ਹੈ ਪਰ ਪਤਾ ਉਦੋਂ ਲੱਗੇਗਾ ਜਦੋਂ ਇਹ ਚਾਰਦੀਵਾਰੀ ਦੇ ਨਾਲ ਅੰਦਰਖਾਤੇ ਸੜਕ ਬਣ ਕੇ ਤਿਆਰ ਹੋ ਜਾਵੇਗੀ ਅਤੇ ਬਾਅਦ ਵਿੱਚ ਇਹ ਚਾਰਦੀਵਾਰੀ ਵੀ ਤੋੜ ਦਿੱਤੀ ਜਾਵੇਗੀ। ਉਨ੍ਹਾਂ ਨੇ ਗੁਰਦੁਆਰਾ ਥੜ੍ਹਾ ਸਾਹਿਬ ਦੀ ਲੋਕਲ ਕਮੇਟੀ ਅਤੇ ਨਗਰ ਵਾਸੀਆਂ ਨੂੰ ਪੰਥ ਦਾ ਵਾਸਤਾ ਦੇ ਕੇ ਕਿਹਾ ਕਿ ਜੇ ਇਸ ਬੇਸ਼ਕੀਮਤੀ ਗੁਰੂ ਘਰ ਦੀ ਜ਼ਮੀਨ ਨੂੰ ਬਚਾਅ ਸਕਦੇ ਹੋ ਤਾਂ ਉਹ ਤੁਸੀਂ ਹੀ ਹੋ।

Exit mobile version