‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ਦੇ ਭਾਈ ਗੁਰਦਾਸ ਨਗਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਨਾ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਸਮਾਗਮ ਹੁਣ ਸ਼੍ਰੀ ਦਰਬਾਰ ਸਾਹਿਬ ਵਿਖੇ ਦੀਵਾਨ ਮੰਜੀ ਹਾਲ, ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਬੀਬੀ
ਬੀਬੀ ਜਗੀਰ ਕੌਰ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਇਹ ਫੈਸਲਾ ਅਸੀਂ ਇਸ ਲਈ ਲਿਆ ਹੈ ਤਾਂ ਜੋ ਕੋਈ ਇਹ ਨਾ ਕਹਿ ਸਕੇ ਕਿ SGPC ਨੇ ਆਪਣੇ ਫਰਜ਼ਾਂ ਦੀ ਕੁਤਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਨਗਰ ਵਿਖੇ ਲੰਗਰ ਦੀ ਸੇਵਾ ਕਰਨ ਵਾਲਿਆਂ ਨੇ ਸਮਾਗਮ ਵਾਲੀਆਂ ਥਾਂਵਾਂ ‘ਤੇ ਲੰਗਰ ਲਈ ਪੰਡਾਲ ਵੀ ਲਾ ਲਏ ਸਨ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਗਰਾਮ ਉਸੇ ਤਰ੍ਹਾਂ ਹੀ ਚੱਲਣਗੇ। ਦੇਸ਼-ਵਿਦੇਸ਼ ਦੀਆਂ ਸੰਗਤਾਂ ਇਸ ਤਿੰਨ ਦਿਨਾਂ ਪ੍ਰੋਗਰਾਮ ਦਾ ਲਾਹਾ ਲੈ ਸਕਦੀਆਂ ਹਨ। ਇਸ ਪ੍ਰੋਗਰਾਮ ਦਾ ਲਾਈਵ ਵੀ ਚਲਾਇਆ ਜਾਵੇਗਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਬਾਬਾ ਦੀਪ ਸਿੰਘ ਸ਼ਹੀਦ ਹਪਸਤਾਲ ਨੂੰ ਕਰੋਨਾ ਹਸਪਤਾਲ ਬਣਾ ਦਿੱਤਾ ਹੈ, ਜਿੱਥੇ ਸਿਰਫ ਕਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਇਸ ਵਿੱਚ 100 ਬੈੱਡਾਂ ਨੂੰ ਤਿਆਰ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਸਮੇਂ ਦੇ ਨਾਲ ਆਕਸੀਜਨ ਸਿਲੰਡਰ ਭੇਜਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋਨਾ ਵੈਕਸੀਨ ਨੂੰ ਲੋਕਾਂ ਲਈ ਮੁਫਤ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੈੱਸ ਕਰਮਚਾਰੀਆਂ, SGPC ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਭ ਤੋਂ ਵਧੀਆ ਹਸਪਤਾਲਾਂ ਵਿੱਚ ਅੰਮ੍ਰਿਤਸਰ ਦਾ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਦਾ ਨਾਂ ਵੀ ਆਇਆ ਹੈ। ਇਸ ਹਸਪਤਾਲ ਵਿੱਚ 24 ਘੰਟੇ ਸਟਾਫ ਉਪਲੱਬਧ ਰਹਿੰਦਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕੱਲ੍ਹ ਮੁਕੇਰੀਆ ਦੇ ਪਿੰਡ ਪੰਡੋਰੀ ਵਿੱਚ ਖੁਦ ਬਣੀਆਂ ਸਤਿਕਾਰ ਕਮੇਟੀਆਂ ਨੇ ਭਗਤ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਵਿਚੋਂ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਤਸਵੀਰਾਂ ਨੂੰ ਬਹੁਤ ਮਾੜੇ ਢੰਗ ਨਾਲ ਉਤਾਰਿਆ ਅਤੇ ਸੁੱਟਿਆ ਸੀ। ਉਸ ਤੋਂ ਬਾਅਦ ਅੰਮ੍ਰਿਤ ਬਾਣੀ ਨੂੰ ਉਠਾਇਆ ਗਿਆ। ਸਰਕਾਰ ਇਹੋ ਜਿਹੇ ਲੋਕਾਂ ਨੂੰ ਸ਼ਹਿ ਦੇ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਇਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੀ ਸੰਗਤ ਆਪਣੇ-ਆਪਣੇ ਘਰਾਂ ਵਿੱਚ ਦੀਵੇ ਬਾਲੇ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਨੂੰ ਵੀ ਪੂਰਾ ਸਜਾਇਆ ਜਾਵੇਗਾ ਅਤੇ ਸਾਰੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵੀ ਸਜਾਏ ਜਾਣ।