‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਨਿੰਮਸਰ ਚੋਲ੍ਹਾ ਸਾਹਿਬ ਘੁਡਾਣੀ ਕਲਾਂ ਵਿਖੇ ਸੁਸ਼ੋਭਿਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚੋਲ੍ਹੇ ਸਬੰਧੀ ਕੁੱਝ ਲੋਕਾਂ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਅਤੇ ਪਾਏ ਜਾ ਰਹੇ ਭਰਮ-ਭੁਲੇਖਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੰਦੀ ਛੋੜ ਦਿਹਾੜੇ ਦੇ 400 ਸਾਲਾ ਨੂੰ ਸਮਰਪਿਤ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਨਗਰ ਕੀਰਤਨ ਆਰੰਭ ਕੀਤੇ ਜਾਣ ਸਮੇਂ ਇਸ ਚੋਲ੍ਹੇ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਮੰਗ ਕੀਤੀ ਗਈ ਸੀ, ਪਰੰਤੂ ਇਸ ਸਬੰਧ ਵਿੱਚ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਚੋਲ੍ਹਾ ਸਾਹਿਬ ਨਗਰ ਕੀਰਤਨ ਵਿੱਚ ਸ਼ਾਮਲ ਨਹੀਂ ਕੀਤਾ ਸੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਜਾਰੀ ਕਰਕੇ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਗੁਰੂ ਸਾਹਿਬ ਦਾ ਚੋਲ੍ਹਾ ਬਾਹਰ ਕਿਸੇ ਵੀ ਅਸਥਾਨ ’ਤੇ ਨਹੀਂ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਫ਼ ਕਰਨ ਤੋਂ ਬਾਅਦ ਵੀ ਅੱਜ ਕੁੱਝ ਲੋਕ ਇਸ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ। ਅਜਿਹੇ ਲੋਕਾਂ ਦੀ ਮਨਸ਼ਾ ਸੰਗਤ ਵਿੱਚ ਦੁਬਿਧਾ ਪੈਦਾ ਕਰਨ ਤੋਂ ਵੱਧ ਕੁੱਝ ਨਹੀਂ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਇਤਿਹਾਸਕ ਚੋਲ੍ਹਾ ਗੁਰਦੁਆਰਾ ਘੁਡਾਣੀ ਕਲਾਂ ਵਿਖੇ ਸੁਰੱਖਿਅਤ ਹੈ ਅਤੇ ਇਸ ਨੂੰ ਕਿਤੇ ਵੀ ਹੋਰ ਨਹੀਂ ਲਿਜਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।