Punjab Religion

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮ, ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਮਾਗਮ ਲਈ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ਤਾਬਦੀ ਨਗਰ ਕੀਰਤਨ ਅਪ੍ਰੈਲ 2025 ਤੋਂ ਸ਼ੁਰੂ ਹੋ ਚੁੱਕਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਸ਼ੁਰੂ ਹੋਇਆ ਅਤੇ 21 ਅਗਸਤ 2025 ਨੂੰ ਗੁਰਦੁਆਰਾ ਧੋਬੜੀ ਸਾਹਿਬ, ਆਸਾਮ ਤੋਂ ਅਰੰਭ ਹੋਵੇਗਾ।

20 ਅਗਸਤ ਤੋਂ ਸ਼ਾਮ ਦੀਆਂ ਸੇਵਾਵਾਂ ਸ਼ੁਰੂ ਹੋਣਗੀਆਂ, ਅਤੇ 21 ਅਗਸਤ ਨੂੰ ਅਰਦਾਸ ਉਪਰੰਤ ਨਗਰ ਕੀਰਤਨ ਸ਼ੁਰੂ ਹੋਵੇਗਾ। ਇਹ ਨਗਰ ਕੀਰਤਨ ਦੇਸ਼ ਦੇ 20 ਸੂਬਿਆਂ ਵਿੱਚੋਂ ਲੰਘਦਾ ਹੋਇਆ 23 ਨਵੰਬਰ 2025 ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਇਸ ਦੌਰਾਨ ਕੀਰਤਨ ਸਮਾਗਮ ਵੀ ਹੋਣਗੇ।

ਹਰਜਿੰਦਰ ਸਿੰਘ ਧਾਮੀ ਨੇ ਉਮੀਦ ਜਤਾਈ ਕਿ ਇਸ ਧਾਰਮਿਕ ਕਾਰਜ ਵਿੱਚ ਸਾਰੇ ਧਰਮਾਂ ਦੇ ਲੋਕ ਵੱਧ-ਚੜ੍ਹ ਕੇ ਹਿੱਸਾ ਲੈਣਗੇ। ਜੰਮੂ ਅਤੇ ਦਿੱਲੀ (ਗੁਰਦੁਆਰਾ ਸੀਸ ਗੰਜ ਸਾਹਿਬ) ਤੋਂ ਵੀ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ। ਇਹ ਸਮਾਗਮ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ।

ਇਸ ਦੇ ਨਾਲ ਹੀ, ਹਰਜਿੰਦਰ ਸਿੰਘ ਧਾਮੀ ਨੇ ਨਵੇਂ ਅਕਾਲੀ ਦਲ ‘ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਮਨਸ਼ਾ ਅਤੇ ਸੁਰਜੀਤ ਸਿੰਘ ਰੱਖੜਾ ਦੇ ਐਲਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਵੇਂ ਅਕਾਲੀ ਦਲ ਦੀਆਂ ਗਤੀਵਿਧੀਆਂ ਪਹਿਲਾਂ ਤੋਂ ਹੀ ਤੈਅ ਸਨ।

ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਅਕਾਲੀ ਦਲ ਨੂੰ ਹੀ ਪੂਰੀ ਮਾਨਤਾ ਹੈ ਅਤੇ SGPC ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੇ ਇਸ ਬਿਆਨ ਨੇ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।