‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਅੱਜ ਅਖ਼ਬਾਰਾਂ ਵਿੱਚ ਦਿੱਤੇ ਗਏ ਇਸ਼ਤਿਹਾਰਾਂ ਉੱਤੇ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਪੂਰੇ ਦੇਸ਼ ਦੀਆਂ ਅਖ਼ਬਾਰਾਂ ਵਿੱਚ ਪੰਜਾਬ ਸਰਕਾਰ ਦੇ ਪੂਰੇ ਪੇਜ ਵਾਲੇ ਇਸ਼ਤਿਹਾਰ ਦਿੱਤੇ ਗਏ ਹਨ। ਜਨਤਾ ਦੇ ਪੈਸੇ ਦੀ ਪੂਰੀ ਤਰ੍ਹਾਂ ਬਰਬਾਦੀ ਕੀਤੀ ਜਾ ਰਹੀ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕਰਦਿਆਂ ਪੁੱਛਿਆ ਕਿ ਪੰਜਾਬ ਦੇ ਲੋਕ ਇਹ ਜਾਣਨ ਦਾ ਹੱਕ ਰੱਖਦੇ ਹਨ ਕਿ ਤੁਸੀਂ ਉਨ੍ਹਾਂ ਦਾ ਕਿੰਨਾ ਪੈਸਾ ਇਸ਼ਤਿਹਾਰਾਂ ਵਿੱਚ ਲਗਾ ਰਹੇ ਹੋ !
ਦਰਅਸਲ, ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਧੜਾਧੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਭਗਵੰਤ ਮਾਨ ਨੇ ਨੌਜਵਾਨਾਂ ਲਈ 26 ਹਜ਼ਾਰ 454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਹੋਰ ਵੀ ਸਰਕਾਰੀ/ਪ੍ਰਾਈਵੇਟ ਨੌਕਰੀਆਂ ਦਾ ਇੰਤਜ਼ਾਮ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਸਿਰਫ਼ ਐਲਾਨ ਨਹੀਂ ਕਰਦੇ।