The Khalas Tv Blog International ਖਾਲਸੇ ਦੀ ਜਨਮ ਭੂਮੀ ‘ਤੇ ਲੱਗੀਆਂ ਰੋਣਕਾਂ
International

ਖਾਲਸੇ ਦੀ ਜਨਮ ਭੂਮੀ ‘ਤੇ ਲੱਗੀਆਂ ਰੋਣਕਾਂ

ਦ ਖ਼ਾਲਸ ਬਿਊਰੋ : ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਦੂਰ-ਦੂਰ ਤੋਂ ਸੰਗਤ ਆਪਣੇ ਪਰਿਵਾਰਾਂ ਸਮੇਤ ਅੱਜ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋ ਰਹੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮਨਮੋਹਕ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਪੂਰਾ ਅਨੰਦਪੁਰ ਸ਼ਹਿਰ ਫੁੱਲਾਂ ਦੀ ਖੁਸ਼ਬੂ ਨਾਲ ਮਹਿਕ ਉੱਠਿਆ ਹੈ ਅਤੇ ਸੰਗਤਾਂ ਬਹੁਤ ਪਿਆਰ, ਸਤਿਕਾਰ ਅਤੇ ਸ਼ਰਧਾ ਨਾਲ ਨਤਮਸਤਕ ਹੋ ਰਹੀਆਂ ਹਨ। ਪਿਛਲੀ ਵਾਰ ਕਰੋਨਾ ਮਹਾਂਮਾਰੀ ਕਰਕੇ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ ਸਨ ਅਤੇ ਕਿਸਾਨੀ ਅੰਦੋਲਨ ਕਰਕੇ ਵੀ ਬਹੁਤ ਸਾਰੇ ਲੋਕ ਦਿੱਲੀ ਦੀਆਂ ਬਰੂਹਾਂ ਉੱਤੇ ਆਪਣੇ ਸੰਘਰਸ਼ ਦੀ ਲੜਾਈ ਲੜ ਰਹੇ ਸਨ। ਪਰ ਇਸ ਵਾਰ ਸੰਗਤਾਂ ਦਾ ਪਹਿਲਾਂ ਨਾਲੋਂ ਜ਼ਿਆਦਾ ਇਕੱਠ ਹੋਇਆ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਤੋਂ ਉਪਰੰਤ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਨਿਹੰਗ ਸਿੰਘ ਮਹੱਲਾ ਸਜਾਉਣ ਮੌਕੇ ਰਵਾਇਤੀ ਸ਼ਸਤਰਾਂ ਨਾਲ ਭਰਪੂਰ ਹੋ ਕੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰਦੇ ਹਨ ਅਤੇ ਧਾਰਮਿਕ ਦੀਵਾਨ ਸਜਦੇ ਹਨ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਹੋ ਰਿਹਾ ਹੈ ਅਤੇ ਸੰਗਤ ਦੇ ਲਈ ਲੰਗਰ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਰੱਖਿਆ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਅੱਜ ਹੋਲਾ ਮਹੱਲਾ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ।

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਸ੍ਰੀ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਥਾਨ ਉੱਤੇ ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ ਕਹਿੰਦੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਤੇ ਜਾਲਮ ਹਾਕਮਾਂ ਖਿਲਾਫ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਨਕਲੀ ਦੀ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਸ੍ਰੀ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ ਕਹਿੰਦੇ ਹਨ, ਨਗਾਰਿਆਂ ਦੀ ਧੁਨ ਵਿੱਚ, ਸਜ-ਧੱਜ ਕੇ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲੇ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਹਨ ਅਤੇ ਸ਼ਸਤਰਾਂ ਦੇ ਕਰਤੱਬ ਦਿਖਾਉਂਦੇ ਹਨ। ਸਿੱਖ ਕੌਮ ਦੀ ਇਸ ਨਿਆਰੀ ਹੋਂਦ ਨੂੰ ਦਰਸਾਉਂਦੇ ਇਸ ਕੌਮੀ ਤਿਉਹਾਰ ਦਾ ਜਲੌਅ ਅੱਜ ਵੀ ਉਸੇ ਤਰ੍ਹਾਂ ਕਾਇਮ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਂ ਕਈ ਕਈ ਦਿਨ ਸੰਗਤਾਂ ਦੀ ਆਮਦ ਬਣੀ ਰਹਿੰਦੀ ਹੈ।

Exit mobile version