‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਦੀ ਕੋਰੋਨਾ ਜਾਂਚ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਤਿਉਹਾਰ ਸੰਬੰਧੀ ਸੋਸ਼ਲ ਮੀਡੀਆ ਰਾਹੀਂ ਸੰਗਤ ਦੇ ਮਨਾਂ ‘ਚ ਡਰ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ਾਲਸਾਈ ਸ਼ਾਨ ਦਾ ਪ੍ਰਤੀਕ ਹੋਲਾ-ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ, ਜਿੱਥੇ ਸੰਗਤਾਂ ਵੱਲੋਂ ਗੁਰੂ ਚਰਨਾਂ ਦੇ ਵਿੱਚ ਹਾਜ਼ਰੀਆਂ ਲਗਾਈਆਂ ਗਈਆਂ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਅੱਜ ਤੋਂ ਹੋਲੇ-ਮਹੱਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਕਿਸੇ ਤਰ੍ਹਾਂ ਦੇ ਭਰਮ ਭੁਲੇਖੇ ਵਿੱਚ ਨਾ ਆਉਣ ਅਤੇ ਵੱਧ ਚੜ੍ਹ ਕੇ ਹੋਲੇ-ਮਹੱਲੇ ਦੇ ਤਿਉਹਾਰ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ।