Punjab

ਪੰਜਾਬ ਦੇ ਇਸ ਮੰਤਰੀ ਦਾ ਅਕਾਲੀ ਦਲ ਨੇ ਘਰੋਂ ਨਿਕਲਣਾ ਕੀਤਾ ਮੁਸ਼ਕਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ। ਪੰਜਾਬ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦੀ ਘਾਟ ਕਾਰਨ ਕਰੋਨਾ ਮਰੀਜ਼ਾਂ ਦੀ ਮੌਤਾਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਲਗਾਤਾਰ ਦਿੱਲੀ ਮੋਰਚਿਆਂ ‘ਤੇ ਡਟੇ ਹੋਏ ਹਨ। ਪੰਜਾਬ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਮੀਂਹ ਕਾਰਨ ਕਿਸਾਨਾਂ ਦੀ ਫਸਲ ਖਰਾਬ ਹੋ ਰਹੀ ਹੈ, ਉੱਥੇ ਹੀ ਮੰਡੀਆਂ ਵਿੱਚ ਉਨ੍ਹਾਂ ਦੀ ਫਸਲ ਰੁਲ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਸਮੱਸਿਆਂ ਕਾਫੀ ਆ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਲੁਧਿਆਣਾ ਵਿੱਚ ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ ਅਤੇ ਸਰਕਾਰ ਸੁੱਤੀ ਪਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਬਾਕੀ ਸੂਬਿਆਂ ਦੇ ਵਿੱਚ ਕਣਕ ਦੀ ਖਰੀਦ ਮੁਕੰਮਲ ਹੋ ਚੁੱਕੀ ਹੈ ਪਰ ਪੰਜਾਬ ਦੇ ਵਿੱਚ ਮੰਡੀਆਂ ਦੇ ਹਾਲਾਤ ਠੀਕ ਨਹੀਂ ਹੈ। ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲੇਟ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ। ਏਸੀਪੀ ਜਤਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਕਰੋਨਾ ਮਹਾਂਮਾਰੀ ਨਿਯਮਾਂ ਦੀ ਧੱਜੀਆਂ ਉਡਾਏਗਾ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।