ਬਿਉਰੋ ਰਿਪੋਰਟ – ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਗੋਲ਼ੀ ਨਾਲ ਮਾਰੇ ਗਏ ਨੌਜਵਾਨ ਕਿਸਾਨ ਆਗੂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ 1 ਕਰੋੜ ਦਾ ਮੁਆਵਜ਼ਾ ਮਿਲ ਗਿਆ ਹੈ। ਇਸ ਤੋਂ ਇਲਾਵਾ ਭੈਣ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ ਹੈ। ਕਿਸਾਨਾਂ ਨੇ ਮੁਆਵਜ਼ੇ ਵਿੱਚ ਹੋ ਰਹੀ ਦੇਰੀ ਦੇ ਖ਼ਿਲਾਫ਼ 12 ਜੁਲਾਈ ਨੂੰ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕੀਤੀ ਜਿਸ ਤੋਂ ਬਾਅਦ ਪਰਿਵਾਰ ਨੂੰ ਸੀਐੱਮ ਵੱਲੋਂ ਨਿਯੁਕਤੀ ਪੱਤਰ ਅਤੇ 1 ਕਰੋੜ ਦਾ ਚੈੱਕ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ 12 ਜੁਲਾਈ ਦਾ ਪ੍ਰਦਰਸ਼ਨ ਹੁਣ ਰੱਦ ਕਰ ਦਿੱਤਾ ਗਿਆ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਸਰਕਾਰ ਨੇ ਵਾਅਦਾ ਕੀਤਾ ਹੈ ਕਿ ਸ਼ੁਭਕਰਨ ਸਿੰਘ ਦੀ ਭੈਣ ਨੂੰ ਟ੍ਰੇਨਿੰਗ ਤੋਂ ਬਾਅਦ ਘਰ ਦੇ ਨਜ਼ਦੀਕ ਹੀ ਨਿਯੁਕਤ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੇ ਦੌਰਾਨ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਕਿਸਾਨ MSP ’ਤੇ ਗਰੰਟੀ ਕਾਨੂੰਨੀ ਦੀ ਮੰਗ ਨੂੰ ਲੈ ਕੇ ਤਕਰੀਬਨ ਡੇਢ ਸੌ ਦਿਨ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਜਦੋਂ ਕਿਸਾਨ ਦਿੱਲੀ ਮੋਰਚੇ ਵੱਲ ਅੱਗੇ ਵੱਧ ਰਹੇ ਸਨ ਤਾਂ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਦੀ ਫਾਇਰਿੰਗ ਦੇ ਦੌਰਾਨ ਸ਼ੁਭਕਰਨ ਦੇ ਸਿਰ ’ਤੇ ਗੋਲ਼ੀ ਲੱਗੀ ਸੀ ਜਿਸ ਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ ਸੀ।
ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ.. ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ… ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ…
ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ… pic.twitter.com/oUSG62iY9y
— Bhagwant Mann (@BhagwantMann) July 9, 2024
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸ਼ੁਭਕਰਨ ਦੀ ਮੌਤ ਦਾ ਮਾਮਲਾ ਪਹੁੰਚਿਆ ਸੀ ਇਸ ਮਾਮਲੇ ਵਿੱਚ ਅਦਾਲਤ ਨੇ ਇੱਕ ਕਮੇਟੀ ਦਾ ਗਠਨ ਕੀਤਾ ਸੀ ਜੋ ਇਸ ਦੀ ਜਾਂਚ ਕਰ ਰਹੀ ਹੈ। ਹਰਿਆਣਾ ਸਰਕਾਰ ਜਾਂਚ ’ਤੇ ਰੋਕ ਲਗਾਉਣ ਦੇ ਲਈ ਸੁਪਰੀਮ ਕੋਰਟ ਪਹੁੰਚੀ ਸੀ ਪਰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਪਹਿਲਾਂ ਜਾਂਚ ਕਮੇਟੀ ਨੂੰ ਆਪਣੀ ਜਾਂਚ ਪੂਰੀ ਕਰ ਲੈਣ ਦੇਣੀ ਚਾਹੀਦੀ ਹੈ।