ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi singer Sidhu Moosewala) ਦੀ ਤੀਜੀ ਬਰਸੀ ਤੋਂ ਸਿਰਫ਼ ਦੋ ਦਿਨ ਪਹਿਲਾਂ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਸਿਆਸੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ ਤਾਂ ਜੋ ਆਪਣੇ ਪੁੱਤਰ ਨੂੰ ਇਨਸਾਫ ਦਿਵਾ ਸਕਣ।
ਮਾਨਸਾ ਵਿੱਚ ਜਿੱਥੇ ਸੰਵਿਧਾਨ ਬਚਾਓ ਰੈਲੀ ਕੀਤੀ ਜਾ ਰਹੀ ਸੀ। ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਰੈਲੀ ਤੋਂ ਬਾਅਦ ਦਿੱਤਾ ਕਿ ਉਹ 2027 ਦੀ ਵਿਧਾਨ ਸਭਾ ਦੀ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਪਾਰਟੀ ਮੌਕਾ ਦਿੰਦੀ ਹੈ। ਉਹਨਾਂ ਕਿਹਾ ਕਿ ਅੱਜ ਰਾਜਾ ਵੜਿੰਗ ਘਰ ਵੀ ਪਹੁੰਚੇ ਸਨ। ਉਹਨਾਂ ਦੇ ਨਾਲ ਬਰਸੀ ਨੂੰ ਲੈ ਕੇ ਵੀ ਗੱਲਬਾਤ ਹੋਈ ਤੇ ਆਉਣ ਵਾਲੇ ਸਮੇਂ ਦੇ ਵਿੱਚ ਵਿਧਾਨ ਸਭਾ ਚੋਣਾਂ 2027 ਦੀ ਟਿਕਟ ਨੂੰ ਲੈ ਕੇ ਜੇਕਰ ਪਾਰਟੀ ਮੈਨੂੰ ਟਿਕਟ ਦਿੰਦੀ ਹੈ ਤਾਂ ਮੈਂ ਚੋਣ ਲੜਨ ਤੋਂ ਪਿੱਛੇ ਨਹੀਂ ਹਟਾਂਗਾ।
ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ, ਪਰ ਅਜੇ ਤੱਕ ਕਈ ਸਾਜ਼ਿਸ਼ਕਰਤਾ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਗੱਲ ਕੀਤੀ ਗਈ ਸੀ, ਪਰ ਅਜੇ ਤੱਕ ਉਹ ਕਿਤੇ ਵੀ ਗ੍ਰਿਫਤਾਰ ਨਹੀਂ ਹੋਇਆ। ਬਲਕੌਰ ਸਿੰਘ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਖੀਰ ਤੱਕ ਲੜਾਈ ਲੜਦੇ ਰਹਿਣਗੇ।