ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Punjabi singer Sidhu Moosewala ) ਦੀ ਅੱਜ ਪਹਿਲੀ ਬਰਸੀ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ।
ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਹੋਣ ਵਾਲੇ ਇਕੱਠ ਨੂੰ ਰੋਕਣ ਨੂੰ ਪੰਜਾਬ ‘ਚ ਬਣੇ ਮਾਹੌਲ ਦਾ ਕਾਰਨ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਅਪੀਲ ਹੈ ਕਿ ਜਿਸ ਤਰ੍ਹਾਂ ਪੰਜਾਬ ‘ਚ ਮਾਹੌਲ ਗਰਮਾਇਆ ਹੋਇਆ ਹੈ, ਉਸੇ ਤਰ੍ਹਾਂ ਸਿੱਧੂ ਦੀ ਬਰਸੀ ‘ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਪੰਜਾਬ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਦੀ ਅਪੀਲ ਕਰਦਾ ਹਾਂ। ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਵੀ ਕਰੋ। ਉੱਥੇ ਹੀ ਸਿੱਧੂ ਮੂਸੇਵਾਲੇ ਦੀ ਗੋਲੀਆਂ ਨਾਲ ਭੁੰਨੀ ਥਾਰ ਕਾਰ ਵੀ ਇਸ ਮੌਕੇ ਇੱਥੇ ਲਿਆਈ ਗਈ ਹੈ
ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਅਗਸਤ 2021 ਵਿੱਚ ਹੀ ਰਚੀ ਗਈ ਸੀ। ਇਸ ਦਾ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਅਤੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਸੀ। ਸ਼ਾਰਪ ਸ਼ੂਟਰ 25 ਮਈ ਨੂੰ ਹੀ ਮਾਨਸਾ ਪਹੁੰਚੇ ਸਨ। ਉਦੋਂ ਤੋਂ ਉਹ ਮੂਸੇਵਾਲਾ ਨੂੰ ਮਾਰਨ ਦਾ ਮੌਕਾ ਲੱਭ ਰਿਹਾ ਸੀ। ਉਸ ਨੇ 27 ਮਈ ਨੂੰ ਵੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕਿਆ।
ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦਾ ਕਤਲ ਕਰਨ ਵਾਲੇ 8 ਸ਼ਾਰਪ ਸ਼ੂਟਰ ਸਨ।
ਲਾਰੈਂਸ ਨੂੰ ਪੰਜਾਬ ਪੁਲਿਸ ਨੇ 15 ਜੂਨ 2022 ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਂਦਾ ਸੀ। ਜਿਸ ਤੋਂ ਬਾਅਦ ਲਾਰੈਂਸ ਨੂੰ ਕਰੀਬ 6 ਮਹੀਨੇ ਪੰਜਾਬ ‘ਚ ਰੱਖਿਆ ਗਿਆ। ਇਸ ਮਾਮਲੇ ਵਿੱਚ ਹੁਣ ਤੱਕ ਕਰੀਬ 36 ਲੋਕਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਐਲਾਨ ਕੀਤਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਵੱਡੀ ਲੜਾਈ ਲੜਨ ਲਈ ਤਿਆਰ ਹਨ। ਮੂਸੇਵਾਲਾ ਦੀ ਅੰਤਿਮ ਵਿਦਾਇਗੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਉਸਦੇ ਸਮਰਥਕ ਪੁੱਜੇ ਸਨ।
ਬਲਕੌਰ ਸਿੰਘ ਨੇ ਕਰੀਬ ਇੱਕ ਮਹੀਨਾ ਪਹਿਲਾਂ ਕਿਹਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੀ ਗੋਲੀਆਂ ਨਾਲ ਭੁੰਨੀ ਥਾਰ ਜੀਪ ਨੂੰ ਪੰਜਾਬ ਭਰ ਵਿੱਚ ਲੈ ਕੇ ਜਾਣਗੇ ਤਾਂ ਜੋ ਲੋਕਾਂ ਨੂੰ ਦੱਸਿਆ ਜਾ ਸਕੇ ਕਿ ਸਰਕਾਰ ਅੱਜ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਦੇ ਸਕੀ। ਬਲਕੌਰ ਸਿੰਘ ਨੇ ਕਿਹਾ ਕਿ ਭਾਵੇਂ ਮੇਰੇ ਪੁੱਤਰ ਦੀ ਬਰਸੀ ਮਨਾਉਣੀ ਸੀ ਪਰ ਅੱਜ ਅਜਿਹਾ ਸਮਾਂ ਆ ਗਿਆ ਹੈ ਕਿ ਮੈਨੂੰ ਆਪਣੇ ਪੁੱਤਰ ਦੀ ਬਰਸੀ ਮਨਾਉਣੀ ਪਈ ਹੈ। ਪੰਜਾਬ ਦੀ ‘ਆਪ’ ਸਰਕਾਰ ਪ੍ਰਤੀ ਉਨ੍ਹਾਂ ਦੇ ਮਨ ‘ਚ ਭਾਰੀ ਗੁੱਸਾ ਹੈ ਅਤੇ ਸਮਾਂ ਆਉਣ ‘ਤੇ ਉਹ ਸਰਕਾਰ ਨੂੰ ਇਹ ਗੁੱਸਾ ਜ਼ਰੂਰ ਦਿਖਾਉਣਗੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਪਿਛਲੇ ਇੱਕ ਸਾਲ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕਰੀਬ 36 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪਿਛਲੇ ਦਿਨੀਂ ਦੋ ਵਿਅਕਤੀਆਂ ਦਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ।