Punjab

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ, ਨਮ ਹੋਈਆਂ ਮਾਂ ਚਰਨ ਕੌਰ ਦੀਆਂ ਅੱਖਾਂ, ਕਿਹਾ ‘ਪੁੱਤ ਅੱਜ ਦਾ ਦਿਨ ਬਹੁਤ ਔਖਾ’

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ 2 ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ 2 ਸਾਲਾਂ ਤੋਂ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਲਈ ਅੱਜ ਦਾ ਦਿਨ ਬੜਾ ਔਖਾ ਹੈ।

ਚਰਨ ਕੌਰ ਨੇ ਇੰਸਟਾਗ੍ਰਾਮ ‘ਤੇ ਲਿਖਿਆ “ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ। ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ। ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ, ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ।

 

View this post on Instagram

 

A post shared by Charan Kaur (@charan_kaur5911)

ਬੇਟਾ ਮੈਂ ਤੇ ਤੁਹਾਡੇ ਬਾਪੂ ਜੀ, ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ। ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ‘ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ। ਅੱਜ ਦਾ ਦਿਨ ਬੜਾ ਔਖਾ ਪੁੱਤ।”

29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਸੀ।