Punjab

ਸਿੱਧੂ ਅੱਜ ਕਰਨਗੇ ਆਤਮ ਸਮਰਪਣ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰਨਗੇ।  ਜਾਣਕਾਰੀ ਦੇ ਮੁਤਾਬਕ ਉਹਨਾਂ ਦੀ ਧੀ ਰੂਬੀਆ ਇਸ ਵੇਲੇ ਅੰਮ੍ਰਿਤਸਰ ਤੋਂ ਪਟਿਆਲਾ ਆ ਰਹੀ ਹੈ। ਉਹ ਆਪਣੇ ਵਕੀਲਾਂ ਨਾਲ ਰਾਇ ਮਸ਼ਵਰਾ ਕਰ ਰਹੇ ਹਨ। ਇਸ ਦੌਰਾਨ ਉਹਨਾਂ  ਦੇ ਸਮਰਥਕ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ, ਨਵਤੇਜ ਸਿੰਘ ਚੀਮਾ, ਹਰਦਿਆਲ ਸਿੰਘ ਕੰਬੋਜ ਅਤੇ ਰਜਿੰਦਰ ਸਿੰਘ ਸਮਾਣਾ ਨਵਜੋਤ ਸਿੱਧੂ ਦੇ ਆਤਮ ਸਮਰਪਣ ਤੋਂ ਪਹਿਲਾਂ ਉਨ੍ਹਾਂ ਦੇ ਘਰ ਪਹੁੰਚੇ ਹਨ।

 ਲੰਘੇ ਕੱਲ੍ਹ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਰੋਡ ਰੇਜ ਕੇਸ ਦੀ ਸਮੀਖਿਆ ਪਟੀਸ਼ਨ ‘ਤੇ ਫ਼ੈਸਲਾ ਸੁਣਾਉਂਦੇ ਹੋਏ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸ ਜ਼ਾ  ਅਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਸੀ।  ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੁੜ ਵਿਚਾਰ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਸੀ। 34 ਸਾਲ ਪੁਰਾਣੇ ਕੇਸ ਵਿੱਚ ਅਦਾਲਤ ਵੱਲੋਂ ਸਿੱਧੂ ਨੂੰ ਆਤਮ ਸਮਰਪਣ ਕਰਨ ਦਾ ਨਾ ਕੋਈ ਸਮਾਂ ਦਿੱਤਾ ਗਿਆ ਅਤੇ ਨਾ ਹੀ ਕੋਈ ਥਾਂ ਦੱਸੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ। ਮੁਲਜ਼ਮ ਵੱਲੋਂ 26 ਸਾਲ ਪਹਿਲਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ ਜਿਸ ‘ਤੇ ਕੱਲ ਫ਼ੈਸਲਾ ਸੁਣਾਇਆ ਗਿਆ ਸੀ।