The Khalas Tv Blog Others ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤ ਬੀਜੇਪੀ ‘ਚ ਹੋਏ ਸ਼ਾਮਲ
Others Punjab

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤ ਬੀਜੇਪੀ ‘ਚ ਹੋਏ ਸ਼ਾਮਲ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ ’ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।  ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਸੀ।

ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿੱਚ ਸੀ। ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖੁਦ ਭਾਜਪਾ ‘ਚ ਸ਼ਾਮਲ ਨਹੀਂ ਹੋਏ।

ਭਾਜਪਾ ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਨੂੰ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਹੋਵੇਗਾ, ਜੋ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ।

ਇਸ ਤੋਂ ਇਲਾਵਾ ਯੂਥ ਕਾਂਗਰਸ ਦੇ ਕੌਮੀ ਬੁਲਾਰੇ ਡਾ.ਜਹਾਨਜ਼ੇਬ ਸਿਰਸਾ ਅਤੇ ਕਾਂਗਰਸ ਆਈ.ਟੀ.ਸੈੱਲ ਦੇ ਸਾਬਕਾ ਚੇਅਰਮੈਨ ਰੋਹਨ ਗੁਪਤਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

Exit mobile version