Punjab

ਲੰਗਾਹ ਮਾਮਲਾ- ਤਨਖਾਹੀਏ ਕਰਾਰ ਦਿੱਤੇ ਸਿੱਖ ਲੀਡਰ ਮੁਆਫੀਨਾਮਾ ਲੈ ਕੇ ਪਹੁੰਚੇ ਸ਼੍ਰੀ ਅਕਾਲ ਤਖ਼ਤ ਸਾਹਿਬ

‘ਦ ਖ਼ਾਲਸ ਬਿਊਰੋ:- ਪੰਥ ਵਿੱਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਰਾ ਨੂੰ ਸਾਰੀਆਂ ਕਮੇਟੀਆਂ ਅਤੇ ਸਬ ਕਮੇਟੀਆਂ ਵਿੱਚੋਂ ਕੱਢ ਦਿੱਤਾ ਗਿਆ ਸੀ। ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਇਨ੍ਹਾਂ ਮੈਂਬਰਾਂ ਨੇ ਸ਼੍ਰੀ ਅਕਾਲ ਤਖ਼ਤ ਸਕੱਤਰੇਤ ’ਤੇ ਪੱਤਰ ਸੌਂਪ ਕੇ ਮੁਆਫੀ ਦੀ ਅਪੀਲ ਕੀਤੀ ਹੈ।

ਇਸ ਪੱਤਰ ’ਚ ਉਨ੍ਹਾਂ ਲਿਖਿਆ ਕਿ “ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕੋਲੋਂ ਜਾਣੇ-ਅਣਜਾਣੇ ਵਿੱਚ ਜੇ ਕੋਈ ਗ਼ਲਤੀ ਹੋਈ ਹੈ ਤਾਂ ਉਹ ਉਸ ਦੀ ਖਿਮਾ ਯਾਚਨਾ ਕਰਦੇ ਹਨ।“

ਮੀਡੀਆ ਨਾਲ ਗੱਲ ਕਰਦਿਆਂ ਗੋਰਾ ਅਤੇ ਜਫ਼ਰਵਾਲ ਨੇ ਕਿਹਾ ਕਿ ਉਹ ਸੁੱਚਾ ਸਿੰਘ ਲੰਗਾਹ ਨਾਲ ਅੰਮ੍ਰਿਤ ਸੰਚਾਰ ਸਮਾਗਮ ’ਚ ਸ਼ਾਮਲ ਨਹੀਂ ਹੋਏ ਸਨ। ਇਸ ਸਬੰਧ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਤਸਵੀਰਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਇਹ ਪੁਰਾਣੀਆਂ ਤਸਵੀਰਾਂ ਵੀ ਹੋ ਸਕਦੀਆਂ ਹਨ, ਜਿਨ੍ਹਾਂ ਨਾਲ ਛੇੜਖਾਨੀ ਕਰ ਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।