Punjab

ਪਾਵਨ ਸਰੂਪ ਮਾਮਲਾ : ਸਿੱਖ ਜਥੇਬੰਦੀਆਂ ਨੇ ਮੁਕੰਮਲ ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਜਨਤਕ ਕੀਤੀ ਗਈ ਰਿਪੋਰਟ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕਰਮਚਾਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਦੋਸ਼ਾਂ ਦਾ ਖੁਲਾਸਾ ਹੋਇਆ ਸੀ ਪਰ ਸਿੱਖ ਜਥੇਬੰਦੀਆਂ ਨੇ ਜਨਤਕ ਕੀਤੀ ਰਿਪੋਰਟ ਨੂੰ ਦੋਸ਼ਪੂਰਨ ਕਰਾਰ ਦਿੰਦਿਆਂ ਮੁਕੰਮਲ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਦੋਸ਼ੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਲਈ ਹਾਈ ਕੋਰਟ ਜਾਣ ਦੀ ਚਿਤਾਵਨੀ ਦਿੱਤੀ ਹੈ।

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਸਰਬਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਕੰਮਲ ਰਿਪੋਰਟ ਜਨਤਕ ਕਰੇ। ਹੁਣ ਤੱਕ ਸਿਰਫ ਦੋਸ਼ ਸੂਚੀ ਹੀ ਜਨਤਕ ਕੀਤੀ ਗਈ ਹੈ। ਰਿਪੋਰਟ ਜਨਤਕ ਹੋਣ ਤੋਂ ਬਾਅਦ ਹੀ ਇਸ ਤੋਂ ਤਸੱਲੀ ਜਾਂ ਅਸੰਤੁਸ਼ਟੀ ਬਾਰੇ ਕਿਹਾ ਜਾ ਸਕਦਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਲਾਪਤਾ ਪਾਵਨ ਸਰੂਪਾਂ ਦੀ ਜਨਤਕ ਕੀਤੀ ਜਾਂਚ ਰਿਪੋਰਟ ਦੇ ਦਸ ਪੰਨਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਬਾਰੇ ਦੱਸਿਆ ਗਿਆ ਹੈ ਜਿਨ੍ਹਾਂ ਵਿੱਚ ਪਬਲੀਕੇਸ਼ਨ ਵਿਭਾਗ ਦੇ ਸੇਵਾਮੁਕਤ ਹੋਏ ਸਹਾਇਕ ਸੁਪਰਵਾਈਜ਼ਰ ਕੰਵਲਜੀਤ ਸਿੰਘ, ਕਲਰਕ ਬਾਜ਼ ਸਿੰਘ, ਮੀਤ ਸਕੱਤਰ ਗੁਰਬਚਨ ਸਿੰਘ, ਹੈਲਪਰ ਦਲਬੀਰ ਸਿੰਘ, ਜਿਲਦਸਾਜ਼ ਕੁਲਵੰਤ ਸਿੰਘ ਤੇ ਜਸਪ੍ਰੀਤ ਸਿੰਘ ਬਾਰੇ ਕਈ ਅਹਿਮ ਖੁਲਾਸੇ ਕੀਤੇ ਗਏ ਹਨ ਜਦਕਿ ਸੇਵਾਮੁਕਤ ਹੋ ਚੁੱਕੇ ਸਾਬਕਾ ਮੁੱਖ ਸਕੱਤਰ ਸਵਰਗੀ ਹਰਚਰਨ ਸਿੰਘ ਅਤੇ ਅਸਤੀਫਾ ਦੇਣ ਵਾਲੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਆਪਣੀ ਜ਼ਿੰਮੇਵਾਰੀ ਚੰਗੇ ਢੰਗ ਨਾਲ ਨਾ ਨਿਭਾਉਣ ਲਈ ਲਾਪ੍ਰਵਾਹੀ ਵਰਤਣ ਦਾ ਦੋਸ਼ੀ ਦੱਸਿਆ ਗਿਆ ਹੈ।

ਜਾਂਚ ਕਮੇਟੀ ਦੀ ਰਿਪੋਰਟ ਅਨੁਸਾਰ ਕੰਵਲਜੀਤ ਸਿੰਘ ਹੋਰਨਾਂ ਸਾਥੀਆਂ ਦੀ ਮਦਦ ਨਾਲ ਪਾਵਨ ਸਰੂਪ ਬਿਨਾਂ ਬਿੱਲ ਕੱਟਿਆਂ ਸੰਗਤਾਂ ਨੂੰ ਦਿੰਦਾ ਸੀ ਅਤੇ ਭੇਟਾ ਨੂੰ ਟਰੱਸਟ ਫੰਡ ਵਿੱਚ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਸੀ।  ਘੱਟ ਗਏ ਸਰੂਪਾਂ ਨੂੰ ਪੂਰਾ ਕਰਨ ਲਈ ਉਸ ਨੇ ਵਧੀਕ ਅੰਗਾਂ ਤੋਂ ਅਣਅਧਿਕਾਰਤ ਢੰਗ ਨਾਲ 61 ਸਰੂਪ ਤਿਆਰ ਕਰਵਾਏ ਸਨ ਤਾਂ ਜੋ ਖਾਤੇ ਨੂੰ ਪੂਰਾ ਕੀਤਾ ਜਾ ਸਕੇ।

ਇਸੇ ਤਰ੍ਹਾਂ 125 ਹੋਰ ਸਰੂਪ 31 ਮਈ ਤੋਂ ਪਹਿਲਾਂ ਅਣਅਧਿਕਾਰਤ ਤਰੀਕੇ ਨਾਲ ਤਿਆਰ ਕਰ ਲਏ ਗਏ ਸਨ ਪਰ ਤਾਲਾਬੰਦੀ ਕਾਰਨ ਉਨ੍ਹਾਂ ਦੀ ਯੋਜਨਾ ਸਿਰੇ ਨਹੀਂ ਚੜ੍ਹੀ। ਇਹ ਅਣਅਧਿਕਾਰਤ ਤਿਆਰ ਕੀਤੇ 125 ਸਰੂਪ ਬਿਨਾਂ ਜਿਲਦਬੰਦੀ ਤੋਂ ਜਿਲਦਸਾਜ਼ਾਂ ਕੋਲੋਂ ਮੌਜੂਦ ਹਨ। ਰਿਪੋਰਟ ਵਿੱਚ ਕਲਰਕ ਬਾਜ ਸਿੰਘ ਬਾਰੇ ਦਰਜ ਹੈ ਕਿ ਉਸ ’ਤੇ ਪਹਿਲਾਂ ਵੀ ਗਬਨ ਦੇ ਦੋਸ਼ ਲੱਗੇ ਸਨ ਅਤੇ ਭਰਪਾਈ ਵੀ ਕਰਾਈ ਗਈ ਸੀ।

ਫਲਾਇੰਗ ਵਿਭਾਗ ਵੱਲੋਂ ਉਸ ਨੂੰ ਕਿਸੇ ਅਹਿਮ ਅਹੁਦੇ ’ਤੇ ਨਾ ਲਾਉਣ ਦੀ ਸਿਫਾਰਸ਼ ਵੀ ਕੀਤੀ ਗਈ ਸੀ। ਇਸ ਦੇ ਬਾਵਜੂਦ ਉਹ ਪਾਵਨ ਸਰੂਪ ਬਾਹਰ ਭੇਜਣ ਦੀ ਡਿਊਟੀ ਪਹਿਲਾਂ ਵਾਂਗ ਹੀ ਕਰਦਾ ਰਿਹਾ। ਇਸੇ ਤਰ੍ਹਾਂ ਮੀਤ ਸਕੱਤਰ ਗੁਰਬਚਨ ਸਿੰਘ ’ਤੇ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਇਸ ਦੌਰ ਵਿੱਚ ਘੱਟ ਗਏ ਪਾਵਨ ਸਰੂਪਾਂ ਦੀ ਗਿਣਤੀ ਨੂੰ ਪੂਰਾ ਕਰਨ ਲਈ ਜਿਲਦਸਾਜ਼ਾਂ ਨੂੰ ਵਧੀਕ ਅੰਗਾਂ ਤੋਂ ਸਰੂਪ ਤਿਆਰ ਕਰਨ ਦੇ ਆਦੇਸ਼ ਦਿੱਤੇ ਅਤੇ ਪ੍ਰਵਾਨਗੀ ਤੋਂ ਬਿਨਾਂ ਹੀ ਇਹ ਕੰਮ ਕੀਤਾ। ਇਸੇ ਤਰ੍ਹਾਂ ਜਿਲਦਸਾਜ਼ਾਂ ਨੂੰ ਵੀ ਦੋਸ਼ੀ ਕਰਾਰ ਦਿੰਦਿਆਂ ਆਖਿਆ ਗਿਆ ਕਿ ਉਨ੍ਹਾਂ ਕੋਲ ਪ੍ਰੈਸ ਤੋਂ ਵਾਧੂ ਅੰਗ ਛਪ ਕੇ ਆਉਂਦੇ ਸਨ ਜਿਸ ਦਾ ਕੋਈ ਰਿਕਾਰਡ ਨਹੀਂ ਹੁੰਦਾ ਸੀ।

ਦੋਸ਼ੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਮੰਗ

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਸਰਬਜੀਤ ਸਿੰਘ ਨੇ ਕਿਹਾ ਕਿ ਇਹ ਅਪਰਾਧਿਕ ਮਾਮਲਾ ਹੈ ਅਤੇ ਜੇਕਰ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਨਾ ਕਰਾਇਆ ਤਾਂ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।  ਪੰਥਕ ਤਾਲਮੇਲ ਸੰਗਠਨ ਦੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਵੀ ਪੂਰੀ ਰਿਪੋਰਟ ਜਨਤਕ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਕਾਰਵਾਈ ਨਾ ਹੋਈ ਤਾਂ ਉਹ ਵੀ ਹਾਈ ਕੋਰਟ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਕਈ ਮਾਮਲਿਆਂ ਵਿੱਚ ਪੁਲਿਸ ਕੇਸ ਦਰਜ ਹੋ ਚੁੱਕੇ ਹਨ।

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਅਸਤੀਫ਼ੇ ਮੰਗੇ

ਹਵਾਰਾ ਕਮੇਟੀ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ’ਤੇ ਦੋਸ਼ ਲਾਇਆ ਹੈ ਕਿ ਉਹ ਇਸ ਮਾਮਲੇ ਵਿੱਚ ਕਿਸੇ ਸਾਜਿਸ਼ ਤਹਿਤ ਝੂਠ ਬੋਲ ਕੇ ਸੰਗਤਾਂ ਨੂੰ ਗੁੰਮਰਾਹ ਕਰ ਰਹੇ ਹਨ। ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਗਿੱਲ, ਸੁਖਰਾਜ ਸਿੰਘ ਵੇਰਕਾ, ਜਸਪਾਲ ਸਿੰਘ, ਮਾਸਟਰ ਬਲਦੇਵ ਸਿੰਘ ਆਦਿ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ 27 ਅਗਸਤ ਦੀ ਮੀਟਿੰਗ ਵਿੱਚ ਦੋਸ਼ੀਆਂ ਖ਼ਿਲਾਫ਼ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ 5 ਸਤੰਬਰ ਦੀ ਮੀਟਿੰਗ ਵਿੱਚ ਫੌਜਦਾਰੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਜਾਂਚ ਕਮੇਟੀ ਦੀ ਕਾਰਵਾਈ ’ਤੇ ਵੀ ਪ੍ਰਸ਼ਨ ਚਿੰਨ੍ਹ ਲਾਉਂਦਿਆਂ ਕਿਹਾ ਕਿ ਉਸ ਵੱਲੋਂ ਇਸ ਜਾਂਚ ਵਿੱਚ ਬਾਦਲ ਪਰਿਵਾਰ ਨੂੰ ਸ਼ਾਮਲ ਨਹੀਂ ਕੀਤਾ ਗਿਆ ਜਿਸ ਦੇ ਇਸ਼ਾਰੇ ’ਤੇ ਪ੍ਰਧਾਨ ਅਤੇ ਜਥੇਦਾਰ ਨਿਯੁਕਤ ਕੀਤੇ ਜਾਂਦੇ ਹਨ।