Punjab

ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ‘ਤੇ ਸਿੱਖ ਜਥੇਬੰਦੀਆਂ ਨੇ ਸੁਖਬੀਰ ਬਾਦਲ ਨੂੰ ਵਿਖਾਈਆਂ ਕਾਲੀਆਂ ਝੰਡੀਆਂ

‘ਦ ਖ਼ਾਲਸ ਬਿਊਰੋ ( ਸੰਗਰੂਰ ) :- ਸੰਗਰੂਰ ‘ਚ ਕੱਲ੍ਹ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦਿਆਂ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਜਥੇਬੰਦੀਆਂ ਵੱਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕਰਦਿਆਂ ਅੱਗੇ ਵੱਧ ਰਹੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਤੇ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲੀਸ ਨੂੰ ਕਾਫ਼ੀ ਜਦੋਜਹਿਦ ਕਰਨੀ ਪਈ।

ਸਿੱਖ ਜਥੇਬੰਦੀਆਂ ਦੇ ਕਾਰਕੁਨ ਗੁੰਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਣ ਦੀਆਂ ਵਾਪਰੀਆਂ ਘਟਨਾਵਾਂ ਸਮੇਤ ਹੋਰ ਅਨੇਕਾਂ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਹੇ ਸਨ।

ਦੱਸਣਯੋਗ  ਹੈ ਕਿ ਸੁਖਬੀਰ ਬਾਦਲ ਕੱਲ੍ਹ ਸ਼ਾਮ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਪੁੱਜੇ ਸਨ। ਸਿੱਖ ਜਥੇਬੰਦੀਆਂ ਦੇ ਵਿਰੋਧ ਕਰਨ ਦੇ ਕੀਤੇ ਐਲਾਨ ਨੂੰ ਮੁੱਖ ਰੱਖਦਿਆਂ ਪੁਲੀਸ ਵਲੋਂ ਨਾਨਕਿਆਣਾ ਚੌਕ ਵਿੱਚ ਸਖ਼ਤ ਨਾਕੇਬੰਦੀ ਕੀਤੀ ਹੋਈ ਸੀ। ਵੱਖ-ਵੱਖ ਸਿੱਖ ਜਥੇਬੰਦੀਆਂ ਰਾਗੀ ਗ੍ਰੰਥੀ ਸਭਾ, ਸਿੱਖ ਸਦਭਾਵਨਾ ਦਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਦਮਦਮੀ ਟਕਸਾਲ ਆਦਿ ਦੇ ਕਾਰਕੁਨ ਕਾਲੀਆਂ ਝੰਡੀਆਂ ਅਤੇ ਵੱਖ-ਵੱਖ ਮਾਟੋ ਚੁੱਕ ਕੇ ਇਥੇ ਨਾਨਕਿਆਣਾ ਚੌਕ ਵਿੱਚ ਇਕੱਠੇ ਹੋ ਗਏ। ਜਿਉਂ ਹੀ ਸ੍ਰੀ ਬਾਦਲ ਦੀਆਂ ਗੱਡੀਆਂ ਦਾ ਕਾਫ਼ਲਾ ਇਥੋਂ ਲੰਘਿਆ ਤਾਂ ਸਿੱਖ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਵਿਖਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹਾਲਾਂਕਿ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਮੀਟਿੰਗ ਮਗਰੋਂ ਬਾਦਲ ਨੂੰ ਵੱਖਰੇ ਰਸਤੇ ਰਾਹੀਂ ਪੁਲੀਸ ਨੇ ਲੰਘਾ ਦਿੱਤਾ। ਸਿੱਖ ਕਾਰਕੁਨਾਂ ਨੂੰ ਜਿਉਂ ਹੀ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਰੋਹ ਵਿੱਚ ਆਉਂਦਿਆਂ ਪੁਲੀਸ ਵਲੋਂ ਲਗਾਏ ਬੈਰੀਗੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਭਾਈ ਬਚਿੱਤਰ ਸਿੰਘ, ਕੁਲਵੰਤ ਸਿੰਘ ਬੁਰਜ, ਗਗਨਦੀਪ ਸਿੰਘ ਜਖੇਪਲ, ਭਾਈ ਬਲਵਿੰਦਰ ਸਿੰਘ ਆਦਿ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗੁਰੂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ, ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਗਈ, ਅਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁੰਮ ਹੋ ਗਏ ਹਨ, ਜਿਸ ਲਈ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਕੁਰਬਾਨੀਆਂ ਨਾਲ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਉਪਰ ਕਬਜ਼ਾ ਕੀਤਾ ਹੋਇਆ ਹੈ ਅਤੇ ਗੁਰੂ ਘਰਾਂ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ। ਇਸ ਮੌਕੇ ਤਰਸੇਮ ਸਿੰਘ ਰੁੜਕਾ, ਰਵਿੰਦਰ ਸਿੰਘ ਸਿਕੰਦਰਪੁਰਾ, ਜਗਤਾਰ ਸਿੰਘ, ਰਵਿੰਦਰ ਸਿੰਘ ਭਰੂਰ, ਅਮਰੀਕ ਸਿੰਘ, ਦਲਜੀਤ ਸਿੰਘ, ਕਰਨਵੀਰ ਸਿੰਘ ਆਦਿ ਮੌਜੂਦ ਸਨ।