India Punjab

ਸ਼੍ਰੀ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Sikh pilgrims will go to Pakistan today to celebrate Prakash Purab

ਸ਼੍ਰੀ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮਨਾਉਣ ਜਾਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆ ਦਾ ਜਥਾ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ ਸਿੱਖ ਸੰਸਥਾ ਨੂੰ 910 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1496 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਸਫਾਰਤਖਾਨੇ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 910 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ 586 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਕਰ ਰਹੇ ਹਨ ਜਦ ਕਿ ਜਥੇ ਦੇ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਇੰਚਾਰਜ ਵਰਿੰਦਰ ਸਿੰਘ ਠਰੂ ਅਤੇ ਹਰਪਾਲ ਸਿੰਘ ਭੇਜੇ ਜਾ ਰਹੇ ਹਨ।

ਇਸ ਦੌਰਾਨ ਸ਼ਰਧਾਲੂਆਂ ਨੂੰ ਪਾਸਪੋਰਟ ਵੰਡਣ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਰਾਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਜਥਾ ਭਲਕੇ 6 ਨਵੰਬਰ ਨੂੰ ਸਵੇਰੇ 8: 30 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ , ਉਹ ਸਵੇਰੇ ਜਥੇ ਦੀ ਰਵਾਨਗੀ ਤੋਂ ਪਹਿਲਾਂ ਪਾਸਪੋਰਟ ਪ੍ਰਾਪਤ ਕਰਨ।