‘ਦ ਖ਼ਾਲਸ ਬਿਊਰੋ : ਅੰਗਰੇਜ਼ੀ ਰਾਜ ਵੇਲੇ ਸਿੱਖ ਸੰਗਤਾਂ ਵਲੋਂ ਆਪਣੇ ਗੁਰੂਘਰਾਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਲਈ ਕੀਤੇ ਗਏ ਸੰਘਰਸ਼ ਦੌਰਾਨ ਅੰਗਰੇਜ਼ਾਂ ਨੇ ਕਈ ਤਸ਼ਦਦ ਢਾਹੇ ਸੀ । ਗੁਰੂ ਕਾ ਬਾਗ ਮੋਰਚੇ ਸਮੇਂ ਗ੍ਰਿਫਤਾਰ ਕੀਤੇ ਸਿੰਘਾਂ ਨੂੰ ਲਿਜਾ ਰਹੀ ਰੇਲਗੱਡੀ ਨੂੰ ਰੋਕਣ ਲਈ ਸਿੱਖ ਸੰਗਤ ਨੇ ਰੇਲਵੇ ਟਰੈਕ ‘ਤੇ ਮੋਰਚਾ ਲਾਇਆ ਤੇ ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਗੱਡੀ ਥੱਲੇ ਆ ਕੇ ਸ਼ਹੀਦੀਆਂ ਪ੍ਰਾਪਤ ਕਰ ਗਏ ਤੇ ਬਹੁਤ ਸਾਰੀ ਸੰਗਤ ਜ਼ਖਮੀ ਹੋ ਗਈ ਸੀ । ਉਸ ਸਾਕੇ ਨੂੰ ਵਾਪਰਿਆਂ ਅੱਜ ਪੂਰੇ 100 ਸਾਲ ਹੋ ਚੁੱਕੇ ਹਨ।
ਇਸ ਦੌਰਾਨ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸ਼ਤਾਬਦੀ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਚੜਦੇ ਪੰਜਾਬ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ, ਪਾਕਿਸਤਾਨ ਪਹੁੰਚ ਗਏ ਹਨ । ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ,ਨਾਲ ਗਏ ਮੈਂਬਰ ਸਾਹਿਬਾਨ ਸਮੇਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਜਥੇ ਦੇ ਪੰਜਾ ਸਾਹਿਬ ਪੁੱਜਣ ਉੱਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਗਤ ਅਤੇ ਸਥਾਨਕ ਅਧਿਕਾਰੀਆਂ ਨੇ ਫੁੱਲਾਂ ਦੇ ਹਾਰਾਂ ਅਤੇ ਗੁਲਦਸਤਿਆਂ ਨਾਲ ਸ਼ਾਨਦਾਰ ਸਵਾਗਤ ਕੀਤਾ।
ਅੱਜ ਯਾਨਿ ਕਿ 30 ਅਕਤੂਬਰ, 2022 ਨੂੰ ਸ਼੍ਰੋਮਣੀ ਕਮੇਟੀ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਯਤਨਾਂ ਤਹਿਤ 30 ਅਕਤੂਬਰ, 1922 ਨੂੰ ਵਾਪਰੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਦਾ ਮੁੱਖ ਸਮਾਗਮ ਹੋ ਰਿਹਾ ਹੈ , ਜਿਸ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜਰੀ ਭਰ ਰਹੀਆਂ ਹਨ। ਇਸ ਸਾਕੇ ਦੇ ਸ਼ਹੀਦਾਂ, ਸ਼ਹੀਦ ਭਾਈ ਕਰਮ ਸਿੰਘ ਅਤੇ ਸ਼ਹੀਦ ਭਾਈ ਪ੍ਰਤਾਪ ਸਿੰਘ, ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਰਹੀ ਹੈ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਚੱਲ ਰਹੇ ਹਨ।
ਸ਼ਹੀਦ ਭਾਈ ਪ੍ਰਤਾਪ ਸਿੰਘ
ਸ਼ਹੀਦ ਭਾਈ ਪ੍ਰਤਾਪ ਸਿੰਘ ਦਾ ਜਨਮ 26 ਮਾਰਚ, 1899 ਈ: ਨੂੰ ਜ਼ਿਲ੍ਹਾ ਗੁਜਰਾਂਵਾਲਾ ਦੇ ਪਿੰਡ ਅਕਾਲਗੜ੍ਹ ਦੇ ਸ: ਸਰੂਪ ਸਿੰਘ ਦੇ ਘਰ ਬੀਬੀ ਪ੍ਰੇਮ ਕੌਰ ਦੀ ਕੁੱਖ ਤੋਂ ਹੋਇਆ ਸੀ। ਆਪਣੇ ਕਸਬੇ ਵਿੱਚ ਸਿੱਖਿਆ ਪ੍ਰਾਪਤ ਕਰਨ ਪਿੱਛੋਂ ਭਾਈ ਪ੍ਰਤਾਪ ਸਿੰਘ ਸਰਗੋਧਾ ਜ਼ਿਲ੍ਹੇ ਦੀ ਮੰਡੀ ਭਲਵਾਲ ਵਿੱਚ ਅਧਿਆਪਕ ਨਿਯੁਕਤ ਹੋਏ। ਫਿਰ ਕਰਾਚੀ ਦੇ ਕਿਸੇ ਆੜ੍ਹਤੀਏ ਕੋਲ ਵੀ ਨੌਕਰੀ ਕੀਤੀ।
1918 ਈ: ਵਿੱਚ ਇਨ੍ਹਾਂ ਦਾ ਵਿਆਹ ਬੀਬੀ ਹਰਨਾਮ ਕੌਰ ਨਾਲ ਹੋਇਆ। ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਤੋਂ ਪ੍ਰੇਰਿਤ ਹੋ ਕੇ ਨੌਕਰੀ ਛੱਡ ਦਿੱਤੀ ਅਤੇ ਆਪਣਾ ਪੂਰਾ ਜੀਵਨ ਗੁਰਦੁਆਰਾ ਸੁਧਾਰ ਲਹਿਰ ਲਈ ਗੁਰੂ ਪੰਥ ਦੇ ਲੇਖੇ ਲਾਉਣ ਲਈ ਕੌਮ ਨੂੰ ਸਮਰਪਿਤ ਕਰ ਦਿੱਤਾ। ਪੰਜਾ ਸਾਹਿਬ ਦੇ ਸਾਕੇ ਸਮੇਂ ਉਹ ਗੁਰਦੁਆਰਾ ਪੰਜਾ ਸਾਹਿਬ ਵਿੱਚ ਖਜ਼ਾਨਚੀ ਦੀ ਸੇਵਾ ਕਰ ਰਹੇ ਸਨ।
ਸ਼ਹੀਦ ਭਾਈ ਕਰਮ ਸਿੰਘ
ਇਸ ਸਾਕੇ ਦੇ ਦੂਸਰੇ ਸ਼ਹੀਦ ਭਾਈ ਕਰਮ ਸਿੰਘ ਸਨ। ਇਨ੍ਹਾਂ ਦਾ ਜਨਮ 14 ਨਵੰਬਰ, 1885 ਈ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਗ੍ਰੰਥੀ ਭਾਈ ਭਗਵਾਨ ਸਿੰਘ ਦੇ ਘਰ ਹੋਇਆ। ਅੰਮ੍ਰਿਤ ਛਕਣ ਤੋਂ ਪਹਿਲਾਂ ਇਨ੍ਹਾਂ ਦਾ ਪਰਿਵਾਰਕ ਨਾਂਅ ਸ: ਸੰਤ ਸਿੰਘ ਸੀ। ਘਰ ਦੇ ਧਾਰਮਿਕ ਪ੍ਰਭਾਵ ਕਾਰਨ ਪਿਤਾ ਜੀ ਤੋਂ ਗੁਰਬਾਣੀ ਦੀ ਸੰਥਿਆ ਅਤੇ ਕੀਰਤਨ ਦੀ ਸਿਖਲਾਈ ਪ੍ਰਾਪਤ ਕਰਕੇ ਥੋੜ੍ਹੇ ਸਮੇਂ ਵਿੱਚ ਨਾਮਵਰ ਕੀਰਤਨੀਏ ਬਣ ਗਏ।
1922 ਈ: ਵਿੱਚ ਆਪਣੀ ਪਤਨੀ ਸਮੇਤ ਗੁ: ਪੰਜਾ ਸਾਹਿਬ ਦੇ ਦਰਸ਼ਨਾਂ ਨੂੰ ਗਏ। ਇੱਥੇ ਹੀ ਕੀਰਤਨ ਦੀ ਸੇਵਾ ਨਿਭਾਉਣ ਲੱਗ ਪਏ। ਇੱਥੇ ਹੀ ਅੰਮ੍ਰਿਤਪਾਨ ਕਰਕੇ ਸੰਤ ਸਿੰਘ ਤੋਂ ਕਰਮ ਸਿੰਘ ਨਾਂਅ ਰੱਖਿਆ। ਜਦੋਂ ਇਸ ਸਾਕੇ ਦੀ ਇਹ ਘਟਨਾ ਵਾਪਰੀ, ਉਦੋਂ ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਰੇਲਵੇ ਲਾਈਨ ਉੱਪਰ ਚੌਂਕੜੇ ਮਾਰ ਕੇ ਬੈਠੇ ਸਨ ਅਤੇ ਬਾਕੀ ਸੰਗਤਾਂ ਉਨ੍ਹਾਂ ਦੇ ਪਿੱਛੇ ਰੇਲ ਲਾਈਨ ਉੱਪਰ ਬੈਠੀਆਂ ਸਨ। ਗੱਡੀ ਵਿਸਲਾਂ ਮਾਰਦੀ ਆ ਰਹੀ ਸੀ ਪਰ ਇਹ ਮਰਜੀਵੜੇ ਆਪਣੇ ਅਕੀਦੇ ਅਤੇ ਕੀਤੀ ਹੋਈ ਅਰਦਾਸ ਤੋਂ ਜ਼ਰਾ ਜਿੰਨਾ ਵੀ ਨਹੀਂ ਥਿੜਕੇ।
ਰੇਲ ਗੱਡੀ ਰੁਕ ਤਾਂ ਗਈ ਪਰ ਗਿਆਰਾਂ ਸਿੰਘ ਨੂੰ ਦਰੜ ਕੇ। ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਸਨ ਪਰ ਸਾਹ ਚੱਲ ਰਹੇ ਸਨ। ਸਾਰੇ ਜ਼ਖਮੀਆਂ ਨੂੰ ਗੁ: ਪੰਜਾ ਸਾਹਿਬ ਦੇ ਗੁਰ ਧਾਮ ਵਿੱਚ ਇਲਾਜ ਲਈ ਪਹੁੰਚਾਇਆ ਗਿਆ।
ਇਹਨਾਂ ਦੇ ਮ੍ਰਿਤਕ ਸਰੀਰਾਂ ਨੂੰ ਰਾਵਲਪਿੰਡੀ ( ਪਾਕਿਸਤਾਨ ) ਲਿਆਂਦਾ ਗਿਆ । 1 ਨਵੰਬਰ 1922 ਨੂੰ ਇਹਨਾਂ ਦਾ ਸਸਕਾਰ ਕੀਤਾ ਗਿਆ ਅਤੇ ਸਿੱਖ ਸੰਗਤਾਂ ਵੱਲੋਂ ਇਹਨਾਂ ਨੂੰ ਸ਼ਹੀਦ ਐਲਾਨਿਆ ਗਿਆ।
ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ਼ਹੀਦੀ ਸਾਕੇ ਸਬੰਧੀ 100 ਸਾਲਾ ਸ਼ਤਾਬਦੀ ਸਮਾਗਮਾਂ ਦੀ ਕੱਲ ਹੀ ਸ਼ੁਰੂਆਤ ਹੋ ਗਈ ਸੀ ,ਜਿਸ ਤਹਿਤ ਜਿੱਥੇ 100 ਸਾਲ ਪਹਿਲਾਂ 30 ਅਕਤੂਬਰ, 1922 ਨੂੰ ਸਾਕਾ ਵਾਪਰਿਆ ਸੀ, ਉਸੇ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਗੁਰਮਤਿ ਸਮਾਗਮ ਹੋਇਆ, ਜਿਸ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ ਪੰਜਾਬ ਤੋਂ ਗਏ ਸ਼੍ਰੋਮਣੀ ਕਮੇਟੀ ਦੇ ਜਥੇ ਦੇ ਮੈਂਬਰਾਂ ਸਮੇਤ ਸੰਗਤ ਵੀ ਮੌਜੂਦ ਸੀ।