‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਸਿੰਘ ਸਾਹਿਬਾਨਾਂ ਨੇ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਅਯੁੱਧਿਆ ਸਮਾਗਮ ਵਿੱਚ ਦਿੱਤੇ ਬਿਆਨ ਨਾਲ ਅਸਹਿਮਤੀ ਜਿਤਾਉਂਦਿਆਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਸੀ, ਹੈ ਅਤੇ ਰਹੇਗੀ। ਇਸ ਲਈ ਸਿੱਖਾਂ ਨੂੰ ਕਿਸੇ ਕੋਲੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਗਿਆਨੀ ਇਕਬਾਲ ਸਿੰਘ ਨੇ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸ਼ਾਮਲ ਹੋ ਕੇ ਸਿੱਖ ਗੁਰੂ ਸਾਹਿਬਾਨਾਂ ਬਾਰੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਸੀ ਕਿ, “ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਰਾਮ ਚੰਦਰ ਦੇ ਵੱਡੇ ਪੁੱਤਰ ਲਵ ਦੀ ਵੰਸ਼ ਵਿੱਚੋਂ ਹਨ। ਸ਼੍ਰੀ ਗੁਰੂ ਨਾਨਕ ਦੇਵ ਜੀ ਬੇਦੀ ਕੁਲ ਵਿੱਚੋਂ ਸਨ। ਇਸ ਲਈ ਸਿੱਖ ਇਨ੍ਹਾਂ ਦੇ ਵੰਸ਼ ਵਿੱਚੋਂ ਹੋਏ ਹਨ, ਸਾਡੇ ਵਡੇਰੇ ਹਨ”।