ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸਿਮਰਨਜੀਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਦੀ ਪਾਰਟੀ ਮਾਨ ਦੀ ਅਗਵਾਈ ਵਿੱਚ 10 ਅਗਸਤ ਨੂੰ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ । ਜਨਤਰ-ਮੰਤਰ ‘ਤੇ ਉਨ੍ਹਾਂ ਨੇ ਦੇਸ਼ ਦੇ ਸਾਰੇ ਸਿੱਖਾਂ ਨੂੰ ਇਕੱਠਾ ਹੋਣ ਦਾ ਸੱਦਾ ਦਿੱਤਾ ਹੈ ਅਤੇ ਮਿਲਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਜ਼ੋਰਾ- ਸ਼ੋਰਾ ਨਾਲ ਚੁੱਕਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਮਾਨ ਨੇ 75ਵੇਂ ਅਜ਼ਾਦੀ ਦਿਹਾੜੇ ‘ਤੇ ਭਾਰਤ ਸਰਕਾਰ ਦੀ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਦੇ ਬਦਲੇ ਸਿੱਖਾਂ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਦੀ ਅਪੀਲ ਕੀਤੀ ਹੈ ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਘੇਰਿਆ ਹੈ।
ਮਾਨ V/S ਮਾਨ
ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਘਰ ਘਰ ਤਿਰੰਗਾ ਮੁਹਿੰਮ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਲੋਕਾਂ ਆਪਣੇ ਘਰਾਂ ‘ਤੇ ਤਿਰੰਗਾ ਝੰਡਾ ਲਾਉਣ ਦੀ ਥਾਂ ਕੇਸਰੀ ਰੰਗ ਦੇ ਝੰਡੇ ਲਗਾਉਣ ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਕੇਸਰੀ ਝੰਡਾ ਲਾ ਕੇ ਆਪਣੀ ਆਜ਼ਾਦ ਹਸਤੀ ਨੂੰ ਕਾਇਮ ਰਖਣਾ ਚਾਹੀਦਾ ਹੈ।
ਤਿਰੰਗੇ ਲਹਿਰਾ ਕੇ ਸਾਨੂੰ ਉਲਝਾ ਕੇ ਸਾਡੀ ਵੱਖਰੀ ਸੋਚ, ਪਛਾਣ ਤੇ ਆਜ਼ਾਦੀ ਦੇ ਮਕਸਦ ਨੂੰ ਕੱਟੜਵਾਦੀ ਸੋਚ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਬੰਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਮਰਨਜੀਤ ਸਿੰਘ ਦੇ ਇਸ ਬਿਆਨ ਨੂੰ ਲੈ ਕੇ ਉਨ੍ਹਾਂ ‘ਤੇ ਤਿੱਖਾ ਹਮ ਲਾ ਕੀਤਾ ਹੈ। ਮਾਨ ਨੇ ਕਿਹਾ ਕਿ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਵਲੋਂ ਸੰਵਿਧਾਨ ਦੀ ਸਹੁੰ ਖਾਣ ਤੋਂ ਬਾਅਦ ਤਿਰੰਗੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ ਇਨਾਂ ਦੁਕਾਨਾਂ ਨੂੰ ਬੰਦ ਕਰਾਂਗੇ। ਮਾਨ ਨੇ ਕਿਹਾ ਕਿ ਇਹ ਦੇਸ਼ ਸਾਨੂੰ ਸ਼ਹੀਦਾਂ ਅਤੇ ਪੁਰਖਿਆਂ ਨੇ ਦਿੱਤਾ ਹੈ। ਅਸੀਂ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ।