Punjab

ਪੰਜਾਬ ’ਚ ਅੱਜ ਤੋਂ ਹੋਵੇਗੀ SIR ਦੀ ਸ਼ੁਰੂਆਤ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਅੱਜ (25 ਜੂਨ) ਤੋਂ ਸ਼ੁਰੂ ਹੋ ਰਹੀ ਹੈ। ਲਗਭਗ 25,000 BLO ਵੋਟਰਾਂ ਦੀ ਤਸਦੀਕ ਕਰਨ ਲਈ ਘਰ-ਘਰ ਜਾਣਗੇ। SIR ਮੁਹਿੰਮ ਤੋਂ ਪਹਿਲਾਂ, ਚੋਣ ਕਮਿਸ਼ਨ ਨੇ ਵੋਟਰਾਂ ਦੀ ਮੈਪਿੰਗ ਕੀਤੀ ਸੀ।

ਪੰਜਾਬ ਦੇ ਮੁੱਖ ਚੋਣ ਅਫ਼ਸਰ (CEO) ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਰਾਜ ਵਿੱਚ ਘਰ-ਘਰ ਜਾ ਕੇ ਗਿਣਤੀ ਦਾ ਕੰਮ ਜੂਨ ਤੋਂ ਸ਼ੁਰੂ ਹੋਵੇਗਾ ਅਤੇ 24 ਜੁਲਾਈ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਡੂੰਘਾਈ ਵਾਲੀ ਕਵਾਇਦ ਵਿੱਚ 24,453 ਬੀ.ਐੱਲ.ਓ. 25 ਜੂਨ ਤੋਂ 24 ਜੁਲਾਈ ਤੱਕ ਰਾਜ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕਰਨਗੇ। ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤਕਰਨ (rationalization) ਦਾ ਕੰਮ 24 ਜੁਲਾਈ ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਵੋਟਰ ਸੂਚੀਆਂ ਬਾਰੇ ਇਤਰਾਜ਼ ਅਤੇ ਦਾਅਵੇ 2 ਅਗਸਤ ਤੋਂ 2 ਸਤੰਬਰ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 9 ਸਤੰਬਰ ਤੱਕ ਚੱਲੇਗਾ। ਮਿੱਤਰਾ ਨੇ ਕਿਹਾ ਕਿ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਰਾਜ ਵਿੱਚ 86.02 ਫੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ।

ਅਣਮੈਪ ਕੀਤੇ ਵੋਟਰਾਂ ਦੀ ਸੂਚੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝੀ ਕੀਤੀ ਗਈ। ਮਿੱਤਰਾ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਸਰਗਰਮੀ ਨਾਲ ਭਾਗ ਲੈਣ ਅਤੇ ਐਸ.ਆਈ.ਆਰ. ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਕਿਹਾ ਕਿ ਇਨ੍ਹਾਂ ਅਣਮੈਪ ਕੀਤੇ ਵੋਟਰਾਂ ਦੀ ਮੈਪਿੰਗ ਕਰਨ ਵਿੱਚ ਚੋਣ ਅਮਲੇ ਦੀ ਮਦਦ ਕੀਤੀ ਜਾਵੇ।